ਬਸੀ ਪਠਾਣਾਂ, 21 ਜੁਲਾਈ (ਰਜਿੰਦਰ ਸ਼ਰਮਾ)-ਦਿੱਲੀ ਪੁਲਿਸ ਵਲੋਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕਰ ਰਹੇ ਕਾਕਰੋਚ ਪਾਰਟੀ ਦੇ ਅਹੁਦੇਦਾਰਾਂ ਅਤੇ ਸਮਰਥਕ ਵਿਦਿਆਰਥੀਆਂ ਦੀ ਕੁੱਟਮਾਰ ਕਰਨਾ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਸੋਚ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਆਪਣੇ ਹੱਕਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੁੱਦਿਆਂ ’ਤੇ ਆਵਾਜ਼ ਬੁਲੰਦ ਕਰਦਾ ਹੈ ਤਾਂ ਭਾਜਪਾ ਸਰਕਾਰ ਗੱਲਬਾਤ ਕਰਨ ਦੀ ਥਾਂ ਪੁਲਿਸ ਦੇ ਡੰਡਿਆਂ ਦਾ ਸਹਾਰਾ ਲੈ ਕੇ ਵਿਦਿਆਰਥੀਆਂ ਤੇ ਭਾਰੀ ਤਸ਼ੱਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਗੱਲ ਕਹਿਣ ਦਾ ਸੰਵਿਧਾਨਕ ਹੱਕ ਹੈ, ਡੰਡੇ ਅਤੇ ਦਮਨ ਕਿਸੇ ਵੀ ਸਰਕਾਰ ਦੀ ਤਾਕਤ ਨਹੀਂ,ਸਗੋਂ ਉਸ ਦੀ ਨਾਕਾਮੀ ਦੀ ਨਿਸ਼ਾਨੀ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ’ਤੇ ਹੋਏ ਇਸ ਦਮਨ ਦੀ ਨੈਤਿਕ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀ ਸਿੱਖਿਆ ਮੰਤਰੀ ਦੀ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਡਾ. ਢੋਲੇਵਾਲ ਨੇ ਮੰਗ ਕੀਤੀ ਕਿ ਹਿਰਾਸਤ ਵਿਚ ਲਏ ਗਏ ਸਾਰੇ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਉਨ੍ਹਾਂ ’ਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ’ਤੇ ਤੁਰੰਤ ਗੱਲਬਾਤ ਸ਼ੁਰੂ ਕੀਤੀ ਜਾਵੇ।