ਅਮਲੋਹ, 21 ਜੁਲਾਈ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਮੁਹਿੰਮ ਲਗਾਤਾਰ ਸਫਲਤਾਪੂਰਵਕ ਜਾਰੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਬੜਿੰਗ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ਰਧਾਲੂਆਂ ਦੇ ਜਥਿਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਵਿਧਾਇਕ ਨੇ ਦੱਸਿਆ ਕਿ ਅੱਜ ਹਲਕੇ ਦੇ ਪਿੰਡ ਮਾਨਗੜ੍ਹ , ਭਰਪੂਰਗੜ੍ਹ ਅਤੇ ਮੰਡੀ ਗੋਬਿੰਦਗੜ੍ਹ ਤੋਂ ਸ਼ਰਧਾਲੂਆਂ ਦੇ ਜਥੇ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਲਈ ਰਵਾਨਾ ਕਰਨ ਦਾ ਸੁਭਾਗ ਪ੍ਰਾਪਤ ਕਰਕੇ ਉਨ੍ਹਾਂ ਨੂੰ ਬਹੁਤ ਦਿਲੀ ਖ਼ੁਸ਼ੀ ਅਤੇ ਸਕੂਨ ਮਿਲਿਆ ਹੈ। ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਬਜ਼ੁਰਗਾਂ ਅਤੇ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਦਾ ਮੁਫ਼ਤ ਲਾਹਾ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਿਰਫ਼ ਵੋਟਾਂ ਲਈ ਵਰਤਿਆ, ਪਰ ਮਾਨ ਸਰਕਾਰ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਸੇਵਾ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਸਮੂਹ ਸੰਗਤ ਦੀ ਯਾਤਰਾ ਸੁਖਦ ਅਤੇ ਸਫਲ ਹੋਵੇ, ਅਤੇ ਗੁਰੂ ਸਾਹਿਬ ਸਭ ’ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ। ਇਸ ਮੌਕੇ ਸਰਪੰਚ ਜਸਮੇਲ ਸਿੰਘ, ਪ੍ਰਧਾਨ ਯਾਦਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਧਾਇਕ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸ਼ਿੰਗਾਰਾ ਸਿੰਘ ਸਲਾਣਾ, ਅਵਤਾਰ ਮੁਹੰਮਦ ਟੈਣੀ, ਮਨਿੰਦਰ ਸਿੰਘ ਭੱਟੋ ਆਦਿ ਮੌਜੂਦ ਸਨ।