ਮੰਡੀ ਗੋਬਿੰਦਗੜ੍ਹ, 22 ਜੁਲਾਈ (ਰਾਜੇਸ਼ ਸ਼ਰਮਾ)-ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਨਵੀਂ ਦਿੱਲੀ ਸਥਿਤ ਆਪਣੇ ਨਿਵਾਸ ਵਿਖੇ ਵਾਤਾਵਰਨ ਅਤੇ ਸਮਾਜਿਕ ਨਿਆਂ ਆਯੋਗ ਦੇ ਰਾਸ਼ਟਰੀ ਪ੍ਰਧਾਨ ਰਿਤਿਕ ਅਰੋੜਾ ਨੂੰ ਵਾਤਾਵਰਨ ਅਤੇ ਸਮਾਜਿਕ ਨਿਆਂ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਲਾਘਾਯੋਗ ਯੋਗਦਾਨ ਲਈ ਸਨਮਾਨਿਤ ਕੀਤਾ। ਇਸ ਮੌਕੇ ਦੋਵਾਂ ਵਿਚਕਾਰ ਵਾਤਾਵਰਨ ਸੁਰੱਖਿਆ ਅਤੇ ਸਮਾਜਿਕ ਨਿਆਂ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਵੀ ਹੋਇਆ। ਰਿਤਿਕ ਅਰੋੜਾ ਨੇ ਕਿਹਾ ਕਿ ਮਨੁੱਖੀ ਜੀਵਨ ਅਤੇ ਵਾਤਾਵਰਨ ਇਕ-ਦੂਜੇ ਨਾਲ ਡੂੰਘੇ ਤੌਰ ’ਤੇ ਜੁੜੇ ਹੋਏ ਹਨ। ਵਾਤਾਵਰਨ ਨੂੰ ਹੋਣ ਵਾਲਾ ਨੁਕਸਾਨ ਸਿੱਧਾ ਲੋਕਾਂ ਦੀ ਸਿਹਤ, ਜੀਵਨ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜਲਵਾਯੂ ਪਰਿਵਰਤਨ ਦਾ ਸਭ ਤੋਂ ਵੱਧ ਅਸਰ ਗ਼ਰੀਬ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ’ਤੇ ਪੈਂਦਾ ਹੈ, ਕਿਉਂਕਿ ਉਨ੍ਹਾਂ ਕੋਲ ਇਸ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਲੋੜੀਂਦੇ ਸਰੋਤ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਅਤੇ ਹੋਰ ਅੰਤਰਰਾਸ਼ਟਰੀ ਰਿਪੋਰਟਾਂ ਵੀ ਜਲਵਾਯੂ ਪਰਿਵਰਤਨ ਨੂੰ ਮਨੁੱਖੀ ਅਧਿਕਾਰਾਂ ਅਤੇ ਸਮਾਜਿਕ ਨਿਆਂ ਨਾਲ ਜੁੜੀ ਗੰਭੀਰ ਚੁਨੌਤੀ ਕਰਾਰ ਦਿੰਦੀਆਂ ਹਨ। ਇਸ ਲਈ ਵਾਤਾਵਰਨ ਦੀ ਸੰਭਾਲ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ।