ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਬਲਜਿੰਦਰ ਸਿੰਘ) -ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂ ਗੁਰਵਿੰਦਰ ਸਿੰਘ ਪੰਜੋਲੀ ਸੀਨੀਅਰ ਮੀਤ ਪ੍ਰਧਾਨ ਬਲਵੀਰ ਸ਼ਾਹ ਜ਼ਿਲ੍ਹਾ ਖ਼ਜ਼ਾਨਚੀ ਜਸਪਾਲ ਸਿੰਘ ਅਤੇ ਬਲਜਿੰਦਰ ਸਿੰਘ ਮਕਾਰੋਂਪੁਰ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜਲ ਸਪਲਾਈ ਵਿਭਾਗ ਦੇ ਵਰਕਰਾਂ ਨੂੰ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਆਖਿਆ ਕਿ ਮਹਿੰਗਾਈ ਦੇ ਇਸ ਦੌਰ ਵਿਚ ਸਮੇਂ ਸਿਰ ਤਨਖ਼ਾਹ ਨਾ ਆਉਣ ਕਾਰਨ ਵਰਕਰਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਉਠਾਉਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਆਗੂ ਖ਼ਜ਼ਾਨਾ ਅਫ਼ਸਰ ਨੂੰ ਮਿਲਣ ਗਏ ਸੀ ਜਿਸ ਵਲੋਂ ਉਨ੍ਹਾਂ ਨੂੰ ਤਨਖ਼ਾਹ ਜਲਦੀ ਪਾਉਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਵਰਕਰਾਂ ਦਾ ਜਲਦੀ ਹੱਲ ਨਾ ਕੀਤਾ ਗਿਆ, ਤਾਂ ਮਜ਼ਬੂਰਨ ਆਉਣ ਵਾਲੇ ਦਿਨਾਂ ਵਿਚ ਯੂਨੀਅਨ ਵਲੋਂ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਸ਼ਾਸਨ ਅਤੇ ਵਿਭਾਗ ਦੀ ਹੋਵੇਗੀ। ਅੱਜ ਦੇ ਸੰਘਰਸ਼ ਵਿਚ ਕੇਸਰ ਸਿੰਘ, ਸਤਨਾਮ ਸਿੰਘ, ਸੁੱਚੇ ਖਾਂ, ਨਿਰਮਲ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਜੰਟ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਅਮਿੱਤ ਕੁਮਾਰ, ਹਰਭਿੰਦਰ ਸਿੰਘ, ਸ਼ਰਨਜੀਤ ਸਿੰਘ ਅਤੇ ਗੁਰਵਿੰਦਰ ਸਿੰਘ ਆਦੀ ਵਰਕਰ ਹਾਜ਼ਰ ਰਹੇ।