ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਮਨਪ੍ਰੀਤ ਸਿੰਘ)-ਪੁਲਿਸ ਚੌਂਕੀ ਖੇੜਾ ਦੇ ਨਵ-ਨਿਯੁਕਤ ਇੰਚਾਰਜ ਬਲਵਿੰਦਰ ਸਿੰਘ ਗਿੱਲ ਅੱਜ ਸੱਚਖੰਡ ਵਾਸੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸਥਾਨ ਹੰਸਾਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੌਜੂਦਾ ਮੁਖੀ ਸੰਤ ਬਾਬਾ ਪਰਮਜੀਤ ਸਿੰਘ ਵਲੋਂ ਉਨ੍ਹਾਂ ਨੂੰ ਸਿਰੋਪਾਉ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਏ.ਐਸ.ਆਈ.ਰਣਜੀਤ ਸਿੰਘ ਵੀ ਮੌਜੂਦ ਸਨ। ਪੁਲਿਸ ਚੌਂਕੀ ਇੰਚਾਰਜ ਬਲਵਿੰਦਰ ਸਿੰਘ ਗਿੱਲ ਨੇ ਗੁਰੂ ਚਰਨਾਂ ਵਿਚ ਨਤਮਸਤਕ ਹੋਣ ਤੋਂ ਬਾਅਦ ਗੱਲਬਾਤ ਦੌਰਾਨ ਕਿਹਾ ਕਿ ਸੰਤਾਂ ਦੇ ਇਸ ਪਵਿੱਤਰ ਅਸਥਾਨ ਤੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ, ਮੇਰੀ ਪਹਿਲ ਨਸ਼ਾ ਤਸਕਰਾਂ ਤੇ ਪੂਰੀ ਤਰ੍ਹਾਂ ਨਕੇਲ ਕੱਸਣਾ ਅਤੇ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ ਹੋਵੇਗੀ। ਉਨ੍ਹਾਂ ਕਿਹਾ ਕਿ ਮੈਂ ਨਸ਼ੇ ਦੇ ਖ਼ਾਤਮੇ ਲਈ ਪੂਰੀ ਇਮਾਨਦਾਰੀ ਨਾਲ ਡਿਊਟੀ ਨਿਭਾਵਾਂਗਾ ਅਤੇ ਸੰਗਤ ਦੇ ਸਹਿਯੋਗ ਨਾਲ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸੰਤ ਬਾਬਾ ਪਰਮਜੀਤ ਸਿੰਘ ਨੇ ਕਿਹਾ ਕਿ ਅੱਜ ਨਸ਼ਾ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਿਹਾ ਹੈ, ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਘਰ ਨਾਲ ਜੁੜਨ ਅਤੇ ਪੁਲਿਸ ਦਾ ਸਾਥ ਦੇਣ।