ਫ਼ਤਹਿਗੜ੍ਹ ਸਾਹਿਬ, 22 ਜੁਲਾਈ (ਬਲਜਿੰਦਰ ਸਿੰਘ)-ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਦਿੱਲੀ ਦੇ ਕਿਸਾਨ ਘਾਟ ਵਿਖੇ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਦੇ ਬਾਰਡਰਾਂ ’ਤੇ ਰੋਕਣ ਅਤੇ ਦਿੱਲੀ ਦੇ ਜੰਤਰ ਮੰਤਰ ਵਿਖੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤੇ ਜਾਣ ਦੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਦਲਵੀਰ ਸਿੰਘ ਸਿੱਧੂਪੁਰ ਤੇ ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਇਹ ਹਰੇਕ ਨਾਗਰਿਕ ਦਾ ਅਧਿਕਾਰ ਹੈ ਕਿ ਉਹ ਆਪਣੀਆਂ ਮੰਗਾਂ ਲਈ ਸਮੂਹ ਬਣਾ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਸਕਦਾ ਹੈ, ਪਰ ਕੇਂਦਰ ਦੀ ਸਰਕਾਰ ਹਮੇਸ਼ਾ ਦੀ ਤਰ੍ਹਾਂ ਕਿਸਾਨਾਂ ਤੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਨਾਲ ਧੱਕਾ ਕਰ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਗੈਰ ਲੋਕਤੰਤਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਿੰਨਾ ਮਰਜ਼ੀ ਜਨਤਕ ਅੰਦੋਲਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਲਵੇ ਪਰ ਅਖੀਰ ਵਿਚ ਜਿੱਤ ਲੋਕਾਂ ਦੀ ਹੀ ਹੋਣੀ ਹੈ ਤੇ ਹਮੇਸ਼ਾ ਹੁੰਦੀ ਆਈ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਪ੍ਰਦਰਸ਼ਨ ਕਰਨ ਦਾ ਹੱਕ ਬਹਾਲ ਕਰੇ ਅਤੇ ਅੰਦੋਲਨ ਦੌਰਾਨ ਬਣਾਏ ਕੇਸ ਰੱਦ ਕਰੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨੇ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਇਸ ਅੰਦੋਲਨ ਦਾ ਪੂਰਨ ਸਮਰਥਨ ਕਰਦੀ ਹੈ ਤੇ ਹਮੇਸ਼ਾ ਉਨ੍ਹਾਂ ਦਾ ਸਾਥ ਦਿੰਦੀ ਰਹੇਗੀ।