ਖਮਾਣੋਂ, 22 ਜੁਲਾਈ (ਜੋਗਿੰਦਰ ਪਾਲ)-ਸਫ਼ਾਈ ਸੇਵਕ ਯੂਨੀਅਨ ਖਮਾਣੋਂ ਵਲੋਂ ਜ਼ਿਲ੍ਹਾ ਪ੍ਰਧਾਨ ਮੰਗਾ ਸਿੰਘ ਅਤੇ ਇਕਾਈ ਦੇ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਰਮਚਾਰੀਆਂ ਨੇ ਸ਼ਹਿਰ ਵਿਚ ਰੋਸ ਰੈਲੀ ਕੱਢੀ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਰੋਸ ਵਜੋਂ ਘੜਾ ਭੰਨ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੱਥਾਂ ਵਿਚ ਲਾਲ ਝੰਡਿਆਂ ਲੈ ਕੇ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਮੰਗਾਂ ਦਾ ਜਲਦੀ ਹੱਲ ਕਰਨ ਦੀ ਮੰਗ ਕੀਤੀ। ਜਾਣਕਾਰੀ ਦਿੰਦਿਆਂ ਪ੍ਰਧਾਨ ਅਨਿਲ ਕੁਮਾਰ ਨੇ ਦੱਸਿਆ ਕਿ ਸਫ਼ਾਈ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ 8 ਜੁਲਾਈ ਤੋਂ ਲਗਾਤਾਰ ਹੜਤਾਲ ’ਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਖ਼ਾਲੀ ਅਸਾਮੀਆਂ ਭਰਨ, ਤਨਖ਼ਾਹਾਂ ਅਤੇ ਹੋਰ ਭੱਤਿਆਂ ਨਾਲ ਸਬੰਧਿਤ ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਾ ਕਰ ਰਹੀ ਹੈ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਵਰਿੰਦਰ ਕੁਮਾਰ ਬਿੰਦੀ, ਮਨਜੀਤ ਕੌਰ, ਮੰਗਤ ਰਾਮ, ਬੂਟਾ ਸਿੰਘ, ਦਵਿੰਦਰ ਸਿੰਘ, ਸੁਸ਼ੀਲ ਕੁਮਾਰ, ਸੁਖਜੀਤ ਕੌਰ, ਰਜਨੀ ਕੌਰ, ਜਸਬੀਰ ਸਿੰਘ ਜੱਸੀ ਸਮੇਤ ਵੱਡੀ ਗਿਣਤੀ ਵਿਚ ਹੋਰ ਸਫ਼ਾਈ ਸੇਵਕ ਹਾਜ਼ਰ ਸਨ।