ਬਸੀ ਪਠਾਣਾਂ, 22 ਜੁਲਾਈ (ਰਜਿੰਦਰ ਸ਼ਰਮਾ)-ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲਗਭਗ 15 ਦਿਨਾਂ ਤੋਂ ਨਗਰ ਕੌਂਸਲ ਦਫ਼ਤਰ ਅੱਗੇ ਚੱਲ ਰਹੇ ਧਰਨਾ-ਪ੍ਰਦਰਸ਼ਨ ’ਚ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਨੇ ਸ਼ਮੂਲੀਅਤ ਕਰਕੇ ਸਫ਼ਾਈ ਸੇਵਕਾਂ ਤੇ ਕਰਮਚਾਰੀਆਂ ਨੂੰ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸ਼ਹਿਰਾਂ ਅਤੇ ਪਿੰਡਾਂ ਦੀ ਸਫ਼ਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਪਰ ਉਨ੍ਹਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਧਰਨੇ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜੋ ਕਿ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਤੋਂ ਜਲਦ ਗੱਲਬਾਤ ਰਾਹੀਂ ਹੱਲ ਕੱਢਣਾ ਚਾਹੀਦਾ ਹੈ ਤੇ ਸਫ਼ਾਈ ਸੇਵਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਕ ’ਚ ਹਰ ਪੱਧਰ ’ਤੇ ਆਵਾਜ਼ ਉਠਾਉਂਦੇ ਰਹਿਣਗੇ। ਧਰਨੇ ਦੌਰਾਨ ਸਫ਼ਾਈ ਸੇਵਕਾਂ ਦੇ ਆਗੂਆਂ ’ਚ ਸ਼ਾਮਲ ਯੂਨੀਅਨ ਦੇ ਚੇਅਰਮੈਨ ਸੰਜੀਵ ਕੁਮਾਰ, ਪ੍ਰਧਾਨ ਦੇਸਰਾਜ, ਸੀਨੀਅਰ ਮੀਤ ਪ੍ਰਧਾਨ ਕਾਸ਼ੀ ਰਾਮ ਨੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ, ਫੈਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਸੀਨੀਅਰ ਆਗੂ ਗੁਰਮੀਤ ਸਿੰਘ ਦਾ ਧੰਨਵਾਦ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕੀਤਾ ਜਾਵੇ। ਇਸ ਮੌਕੇ ਸਰਪੰਚ ਨਾਇਬ ਸਿੰਘ, ਮੀਤ ਪ੍ਰਧਾਨ ਲਖਵਿੰਦਰ ਸਿੰਘ, ਪੈੱ੍ਰਸ ਸਕੱਤਰ ਕਿਰਨ ਕੁਮਾਰ, ਮੁੱਖ ਸਲਾਹਕਾਰ ਜਗਪਾਲ ਸਿੰਘ, ਸਲਾਹਕਾਰ ਮੋਹਨ ਲਾਲ, ਖ਼ਜ਼ਾਨਚੀ ਰਜੇਸ਼ ਕੁਮਾਰ, ਜਸਪ੍ਰੀਤ ਸਿੰਘ, ਕਰਤਾਰ ਸਿੰਘ, ਸ਼ੀਤਲ ਕੁਮਾਰ, ਚੰਦਰ ਸ਼ੇਖਰ, ਸਕੱਤਰ ਤ੍ਰਿਪਤਾ, ਜਥੇਬੰਦਕ ਸਕੱਤਰ ਕੈਲਾਸ਼ੋ, ਸੋਨੂੰ ਰਾਣੀ, ਨੀਸ਼ਾ ਰਾਣੀ, ਰਾਣੀ ਗੁਰਦੇਵ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਸਫ਼ਾਈ ਸੇਵਕਾਂ ਤੇ ਮੁਲਾਜ਼ਮਾਂ ਨੇ ਸੂਬਾ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ।