ਫ਼ਤਹਿਗੜ੍ਹ ਸਾਹਿਬ, 23 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੇ ਗਏ ਡਾਕੂਮੈਂਟਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਬੀਤੀ ਰਾਤ ਡਾਕੂਮੈਂਟਰੀ ਵੈਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਚਣੋਂ, ਰਾਜਿੰਦਰ ਨਗਰ, ਬੁੱਗਾ ਕਲਾਂ ਤੇ ਰਾਏਪੁਰ ਚੋਬਦਾਰਾਂ ਵਿਖੇ ਪਹੁੰਚੀ, ਜਿੱਥੇ ਵੈਨ ’ਤੇ ਲੱਗੀ ਐਲ. ਈ. ਡੀ. ਸਕਰੀਨ ਰਾਹੀਂ ਪਿੰਡਾਂ ਦੇ ਲੋਕਾਂ ਨੇ ਇਹ ਦਸਤਾਵੇਜ਼ੀ ਫ਼ਿਲਮ ਦੇਖੀ ਅਤੇ ਗੁਰੂ ਜੀ ਦੇ ਸਮਾਨਤਾ, ਪ੍ਰਭੂ ਭਗਤੀ ਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਤੋਂ ਪ੍ਰੇਰਨਾ ਹਾਸਲ ਕੀਤੀ। 24 ਜੁਲਾਈ ਨੂੰ ਬਲਾਕ ਸਰਹਿੰਦ ਦੇ ਪਿੰਡ ਹੱਲੋਤਾਲੀ, ਜਾਗੋ ਚਨਾਰਥਲ, ਬਲਾਕ ਅਮਲੋਹ ਦੇ ਪਿੰਡ ਤੰਦਾਬੱਧਾ ਖੁਰਦ ਤੇ ਕੋਟਲੀ ਵਿਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ। ਇਹ ਸ਼ੋਅ ਕ੍ਰਮਵਾਰ 6 ਵਜੇ ਤੇ 7 ਵਜੇ ਸ਼ੁਰੂ ਹੋਣਗੇ। ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਫ਼ਿਲਮ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਦੇ ਸੁਨੇਹੇ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਤੇ ਮਿਹਨਤ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਮਾਨਤਾ ਤੇ ਭਾਈਚਾਰੇ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਅਜਿਹੀਆਂ ਦਸਤਾਵੇਜ਼ੀ ਫ਼ਿਲਮਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਸਾਡੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਵਿਚ ਆਪਸੀ ਸਦਭਾਵਨਾ, ਏਕਤਾ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।