ਪਟਿਆਲਾ, 24 ਜੁਲਾਈ (ਅ. ਸ. ਆਹਲੂਵਾਲੀਆ)-ਸ਼ਹਿਰ ਵਾਸੀਆਂ ਨੂੰ ਨਗਰ ਨਿਗਮ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਸਮੇਂ ਸਿਰ, ਸੁਖਾਲੇ ਤਰੀਕੇ ਨਾਲ ਤੇ ਬਿਨਾਂ ਕਿਸੇ ਖ਼ੱਜਲ-ਖ਼ੁਆਰੀ ਦੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਟਿਆਲਾ ਦੇ ਨਗਰ ਨਿਗਮ ਵਲੋਂ ਇਕ ਬਹੁਤ ਹੀ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸੇ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਬਿਲਡਿੰਗ ਬ੍ਰਾਂਚ, ਵਾਟਰ ਸਪਲਾਈ ਤੇ ਸੀਵਰੇਜ ਬ੍ਰਾਂਚ ਨਾਲ ਸੰਬੰਧਿਤ ਵਿਸ਼ੇਸ਼ ਸੁਵਿਧਾ ਕੈਂਪ ਲਗਵਾਇਆ ਗਿਆ। ਇਨ੍ਹਾਂ ਕੈਂਪਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਭਾਰੀ ਗਿਣਤੀ ਵਿਚ ਸ਼ਹਿਰ ਵਾਸੀ ਆਪਣੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਤੇ ਲੰਮੇ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਨੂੰ ਲੈ ਕੇ ਪਹੁੰਚੇ। ਕੈਂਪ ’ਚ ਮੌਜੂਦ ਉੱਚ ਅਧਿਕਾਰੀਆਂ ਨੇ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਗੰਭੀਰਤਾ ਨਾਲ ਸੁਣੀਆਂ ਅਤੇ ਯੋਗ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਕੇ ਨਾਗਰਿਕਾਂ ਨੂੰ ਵੱਡੀ ਰਾਹਤ ਦਿੱਤੀ। ਇਸ ਮੌਕੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਟੀਚਾ ਆਮ ਜਨਤਾ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਬਿਨਾਂ ਕਿਸੇ ਦੇਰੀ ਦੇ ਤੇਜ਼ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਲੋਕਾਂ ਨੂੰ ਆਪਣੇ ਛੋਟੇ-ਛੋਟੇ ਕੰਮਾਂ ਲਈ ਵੀ ਨਿਗਮ ਦਫ਼ਤਰ ਦੇ ਵਾਰ-ਵਾਰ ਚੱਕਰ ਲਗਾਉਣੇ ਪੈਂਦੇ ਹਨ, ਜਿਸ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੋਵਾਂ ਦਾ ਨੁਕਸਾਨ ਹੁੰਦਾ ਹੈ। ਇਸੇ ਪ੍ਰੇਸ਼ਾਨੀ ਨੂੰ ਖ਼ਤਮ ਕਰਨ ਲਈ ਇਹ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਤਾਂ ਜੋ ਲੋਕਾਂ ਨੂੰ ਇੱਕੋ ਛੱਤ ਹੇਠ ਆਪਣੀਆਂ ਸਮੱਸਿਆਵਾਂ ਦਾ ਹੱਲ ਮਿਲ ਸਕੇ। ਗੱਲਬਾਤ ਦੌਰਾਨ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਕੈਂਪ ਦੌਰਾਨ ਬਿਲਡਿੰਗ ਪਲਾਨ, ਐਨ. ਓ. ਸੀ., ਲੰਬਿਤ ਫਾਈਲਾਂ ਤੇ ਹੋਰ ਪ੍ਰਸ਼ਾਸਨਿਕ ਪ੍ਰਵਾਨਗੀਆਂ ਨਾਲ ਜੁੜੇ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਪੀਣ ਵਾਲੇ ਪਾਣੀ ਦੀ ਘੱਟ ਸਪਲਾਈ, ਸੀਵਰੇਜ ਜਾਮ ਹੋਣ, ਗੰਦੇ ਪਾਣੀ ਦੀ ਨਿਕਾਸੀ ਤੇ ਹੋਰ ਤਕਨੀਕੀ ਖ਼ਰਾਬੀਆਂ ਸੰਬੰਧੀ ਆਈਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ֹ’ਤੇ ਸੁਣਿਆ ਗਿਆ। ਮੌਕੇ ‘ਤੇ ਹੀ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ । ਮੇਅਰ ਨੇ ਵਿਸ਼ਵਾਸ ਦਿਵਾਇਆ ਕਿ ਨਗਰ ਨਿਗਮ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਲਈ ਵਚਨਬੱਧ ਹੈ ਅਤੇ ਆਉਂਦੇ ਦਿਨਾਂ ਵਿੱਚ ਵੀ ਅਜਿਹੇ ਵਿਸ਼ੇਸ਼ ਕੈਂਪ ਲਗਾਤਾਰ ਲਗਾਏ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬਿਨਾਂ ਕਿਸੇ ਝਿਜਕ ਦੇ ਸਿੱਧੇ ਨਗਰ ਨਿਗਮ ਦੇ ਧਿਆਨ ’ਚ ਲਿਆਉਣ, ਤਾਂ ਜੋ ਉਨ੍ਹਾਂ ਦਾ ਜਲਦੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰਾ ਕੀਤਾ ਜਾ ਸਕੇ।