ਫ਼ਤਹਿਗੜ੍ਹ ਸਾਹਿਬ, 24 ਜੁਲਾਈ (ਬਲਜਿੰਦਰ ਸਿੰਘ)-ਡਾਇਰੈਕਟਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਤਹਿਤ ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸਾਹਿਤ ਦੇ ਪ੍ਰਸਿੱਧ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਕਾਵਿ-ਉਚਾਰਣ ਮੁਕਾਬਲੇ ਦਾ ਆਯੋਜਨ ਕੀਤਾ। ਇਸ ਮੁਕਾਬਲੇ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੀ ਕਾਵਿ-ਪੇਸ਼ਕਾਰੀ ਰਾਹੀਂ ਸਰੋਤਿਆਂ ਨੂੰ ਪ੍ਰਭਾਵਿਤ ਕੀਤਾ। ਰਾਜ ਪੱਧਰੀ ਮੁਕਾਬਲੇ ਵਿਚ ਮਾਤਾ ਗੁਜਰੀ ਕਾਲਜ ਦੀ ਵਿਦਿਆਰਥਣ ਪ੍ਰਿਯੰਕਾ ਨੇ ਪਹਿਲਾ, ਗੁਰੂ ਨਾਨਕ ਖ਼ਾਲਸਾ ਕਾਲਜ ਡਰੋਲੀ ਕਲਾਂ ਦੀ ਗੁਰਦੀਪ ਕੌਰ ਨੇ ਦੂਸਰਾ ਤੇ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਸਿਮਰਜੋਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਕਰਦਿਆਂ ਕਿਹਾ ਕਿ ਅਜਿਹੇ ਸਾਹਿਤਕ ਮੁਕਾਬਲੇ ਵਿਦਿਆਰਥੀਆਂ ਵਿਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਪ੍ਰਤੀ ਰੁਚੀ ਨੂੰ ਹੋਰ ਮਜ਼ਬੂਤ ਕਰਦੇ ਹਨ ਅਤੇ ਨੌਜਵਾਨਾਂ ਨੂੰ ਆਪਣੀ ਸਾਹਿਤਕ ਪ੍ਰਤਿਭਾ ਨਿਖਾਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਸਮਾਗਮ ਦਾ ਆਯੋਜਨ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਾਸ਼ੀਦ ਦੀ ਅਗਵਾਈ ਹੇਠ ਕੀਤਾ। ਮੁਕਾਬਲੇ ਦੌਰਾਨ ਜੱਜ ਸਾਹਿਬਾਨ ਦੀ ਭੂਮਿਕਾ ਪੰਜਾਬੀ ਵਿਭਾਗ ਦੇ ਡਾ. ਸੁਖਜੀਤ ਕੌਰ ਤੇ ਅੰਗਰੇਜ਼ੀ ਵਿਭਾਗ ਦੇ ਡਾ. ਗੌਰੀ ਹਾਂਡਾ ਨੇ ਨਿਭਾਈ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਜਸ਼ਨਪ੍ਰੀਤ ਕੌਰ ਨੇ ਨਿਭਾਈ। ਸਮਾਗਮ ਦੇ ਅਖੀਰ ਵਿਚ ਪ੍ਰੋ. ਸੁਖਵਿੰਦਰ ਸਿੰਘ ਨੇ ਸਮੂਹ ਮਹਿਮਾਨਾਂ, ਜੱਜਾਂ, ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਸਮੂਹ ਅਧਿਆਪਕ ਵੀ ਹਾਜ਼ਰ ਰਹੇ।