ਮੰਡੀ ਗੋਬਿੰਦਗੜ੍ਹ, 29 ਜੁਲਾਈ (ਰਾਜੇਸ਼ ਸ਼ਰਮਾ, ਇਕਬਾਲਦੀਪ ਸੰਧੂ)-ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਅਜਨਾਲੀ ਸਥਿਤ ਤ੍ਰਿਲੋਕਪੁਰੀ ਇਲਾਕੇ ਵਿਚ ਵੱਡੇ ਪੱਧਰ ’ਤੇ ਕਾਸੋ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਚਲਾਈ ਗਈ, ਇਸ ਕਾਰਵਾਈ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਸ਼ੱਕੀ ਟਿਕਾਣਿਆਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਇਕੋ ਸਮੇਂ ਛਾਪੇਮਾਰੀ ਕਰਕੇ 70 ਤੋਂ ਵੱਧ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ। ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਨਸ਼ਾ ਤਸਕਰਾਂ, ਅਪਰਾਧਿਕ ਅਨਸਰਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਲੋਕਾਂ ’ਤੇ ਸ਼ਿਕੰਜਾ ਕੱਸਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੇ ਇਲਾਕੇ ਦੇ ਵੱਖ-ਵੱਖ ਹਿੱਸਿਆਂ ਵਿਚ ਇਕੋ ਸਮੇਂ ਤਲਾਸ਼ੀ ਮੁਹਿੰਮ ਚਲਾ ਕੇ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਹੁਣ ਤੱਕ 4 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ 12 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ’ਤੇ ਬੁਲਡੋਜ਼ਰ ਕਾਰਵਾਈ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਹ ਮੁਹਿੰਮ ਭਵਿੱਖ ਵਿਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਵਿਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਵਿਸ਼ੇਸ਼ ਰਣਨੀਤੀ ਤਹਿਤ ਐਂਟੀ ਨਾਰਕੋਟਿਕਸ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ, ਜੋ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਸਮਾਜ ਵਿਚ ਸੁਰੱਖਿਅਤ ਅਤੇ ਨਸ਼ਾ-ਮੁਕਤ ਮਾਹੌਲ ਸਿਰਜਣਾ ਵੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਜਾਂ ਕਿਸੇ ਵੀ ਅਪਰਾਧਿਕ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ।