ਫ਼ਤਹਿਗੜ੍ਹ ਸਾਹਿਬ, 29 ਜੁਲਾਈ (ਬਲਜਿੰਦਰ ਸਿੰਘ)-ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ 31 ਜੁਲਾਈ ਨੂੰ ਫ਼ਤਹਿਗੜ੍ਹ ਸਾਹਿਬ ਦੌਰੇ ’ਤੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਭੂਪੇਸ਼ ਬਘੇਲ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸੋਹਣ ਫਾਰਮ ਸਰਹਿੰਦ ਫ਼ਤਹਿਗੜ੍ਹ ਸਾਹਿਬ ਵਿਖੇ ਮੀਟਿੰਗ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤ, ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ, ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਅਤੇ ਜਨਤਾ ਨਾਲ ਸਿੱਧੇ ਤੌਰ ’ਤੇ ਜੁੜਨ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਭੂਪੇਸ਼ ਬਘੇਲ ਵਰਕਰਾਂ ਨਾਲ ਰੂ-ਬਰੂ ਹੋ ਕੇ ਉਨ੍ਹਾਂ ਦੇ ਵਿਚਾਰ, ਸੁਝਾਅ ਅਤੇ ਸਮੱਸਿਆਵਾਂ ਵੀ ਸੁਣਨਗੇ। ਉਕਤ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਸਮਰਪਿਤ ਵਰਕਰ ਹਨ ਅਤੇ ਉਨ੍ਹਾਂ ਨਾਲ ਸਿੱਧਾ ਸੰਵਾਦ ਕਰਨਾ ਸੰਗਠਨ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ। ਉਨ੍ਹਾਂ ਸਮੂਹ ਬਲਾਕ ਪ੍ਰਧਾਨਾਂ, ਫ਼ਰੰਟ ਸੰਗਠਨਾਂ ਦੇ ਅਹੁਦੇਦਾਰਾਂ, ਕੌਂਸਲਰਾਂ, ਸਰਪੰਚਾਂ, ਪੰਚਾਂ, ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਸਮੇਤ ਵੱਧ ਤੋਂ ਵੱਧ ਗਿਣਤੀ ਵਿਚ ਮੀਟਿੰਗ ਵਿਚ ਸ਼ਾਮਲ ਹੋਣ ਅਤੇ ਇਸ ਨੂੰ ਸਫਲ ਬਣਾਉਣ।