ਫ਼ਤਹਿਗੜ੍ਹ ਸਾਹਿਬ, 29 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਦੇ ਮੈਂਬਰ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਐਡਮਿਸ਼ਨ ਸੈੱਲ ਦਾ ਦੌਰਾ ਕਰਕੇ ਸੈਸ਼ਨ 2026-27 ਲਈ ਚੱਲ ਰਹੇ ਦਾਖ਼ਲਿਆਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਿਸ ਦੌਰਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਇਕ ਲੋੜਵੰਦ ਐਸ.ਸੀ. ਵਿਦਿਆਰਥੀ ਦੀ ਰਜਿਸਟਰੇਸ਼ਨ ਫ਼ੀਸ ਵੀ ਨਿੱਜੀ ਪੱਧਰ ’ਤੇ ਭਰੀ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਵਿਚ ਸਹਾਇਤਾ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਕਿਉਂਕਿ ਸਿੱਖਿਆ ਹੀ ਉਹ ਮਜ਼ਬੂਤ ਸਾਧਨ ਹੈ, ਜਿਸ ਰਾਹੀਂ ਨੌਜਵਾਨ ਆਪਣੇ ਜੀਵਨ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਮਾਜ ਤੇ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾ ਸਕਦੇ ਹਨ। ਜਥੇਦਾਰ ਮੁਕਾਰੋਂਪੁਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਅਤੇ ਪੇਸ਼ੇਵਰ ਕੋਰਸਾਂ ਵਿਚ ਵੱਧ ਤੋਂ ਵੱਧ ਦਾਖ਼ਲੇ ਲੈਣ ਅਤੇ ਆਪਣੇ ਬੱਚਿਆਂ ਨੂੰ ਉੱਚ ਪੱਧਰੀ ਤਕਨੀਕੀ ਸਿੱਖਿਆ ਹਾਸਲ ਕਰਨ ਦਾ ਮੌਕਾ ਪ੍ਰਦਾਨ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਲਈ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਯੋਗਤਾ ਅਤੇ ਰੁਚੀ ਅਨੁਸਾਰ ਕਾਲਜ ਵਿਚ ਦਾਖ਼ਲਾ ਲੈ ਕੇ ਆਪਣੇ ਸੁਨਹਿਰੇ ਭਵਿੱਖ ਦੀ ਨੀਂਹ ਮਜ਼ਬੂਤ ਕਰਨ। ਇਸ ਮੌਕੇ ਡਾ. ਬਲਰਾਜ ਸਿੰਘ ਐਸੋਸੀਏਟ ਡੀਨ ਐਡਮਿਸ਼ਨ, ਦਿਵਿਆ ਗੁਪਤਾ, ਦੀਪਾਲੀ, ਗੁਰਿੰਦਰਪਾਲ ਕੌਰ, ਪ੍ਰਨੀਤ ਕੌਰ, ਮਲਕੀਤ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।