ਫ਼ਤਹਿਗੜ੍ਹ ਸਾਹਿਬ, 29 ਜੁਲਾਈ (ਬਲਜਿੰਦਰ ਸਿੰਘ)- ਪੰਜਾਬ ਕਾਂਗਰਸ ਐਸ.ਸੀ. ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਚੇਅਰਮੈਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਐਸ.ਸੀ.ਵਿੰਗ ਦੇ ਇੰਚਾਰਜ ਸੁਧੀਰ ਚੌਧਰੀ, ਸੂਬਾ ਪ੍ਰਧਾਨ ਗੁਰਪ੍ਰੀਤ ਲੱਕੀ ਪੱਖੋਂ, ਵਰਕਿੰਗ ਪ੍ਰਧਾਨ ਚੰਦਰੇਸ਼ਵਰ ਸਿੰਘ ਮੋਹੀ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਐਸ.ਸੀ. ਵਿੰਗ ਦੇ ਵੱਖ-ਵੱਖ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਸ ਨੂੰ ਲੋਕ ਸੇਵਾ, ਸਮਾਜਿਕ ਨਿਆਂ ਅਤੇ ਸੰਗਠਨ ਦੀ ਮਜ਼ਬੂਤੀ ਰਾਹੀਂ ਸਾਬਤ ਕਰਨਾ ਹਰ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਐਸ.ਸੀ.ਵਿੰਗ ਦੀ ਜ਼ਿੰਮੇਵਾਰੀ ਸਿਰਫ਼ ਸੰਗਠਨ ਨੂੰ ਮਜ਼ਬੂਤ ਕਰਨਾ ਹੀ ਨਹੀਂ, ਸਗੋਂ ਸਮਾਜ ਦੇ ਵਾਂਝੇ ਵਰਗਾਂ ਤੱਕ ਸਰਕਾਰੀ ਯੋਜਨਾਵਾਂ, ਸੰਵਿਧਾਨਕ ਹੱਕਾਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਪਹੁੰਚਾਉਣਾ ਵੀ ਹੈ। ਇਸ ਮੌਕੇ ਆਗੂਆਂ ਨੇ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਅਤੇ ਮਹਿਲਾ ਕਰਮਚਾਰੀਆਂ ਨਾਲ ਹੋਏ ਕਥਿਤ ਦੁਰਵਿਹਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮਹਿਲਾ ਕਰਮਚਾਰੀਆਂ ਨਾਲ ਹੋਏ ਕਥਿਤ ਦੁਰਵਿਹਾਰ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ । ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਦਲਿਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਕਮਜ਼ੋਰ ਵਰਗ ਦੇ ਹੱਕਾਂ ਦੀ ਆਵਾਜ਼ ਬਣੀ ਹੈ ਅਤੇ ਭਵਿੱਖ ਵਿਚ ਵੀ ਕਿਸੇ ਨਾਲ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ। ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਐਸ.ਸੀ. ਵਿੰਗ ਬਲਾਕ ਸਰਹਿੰਦ ਦੇ ਪ੍ਰਧਾਨ ਨੰਬਰਦਾਰ ਹਰਦੇਵ ਸਿੰਘ, ਬਲਾਕ ਪ੍ਰਧਾਨ ਖੇੜਾ ਪੁਸ਼ਪਿੰਦਰ ਸਿੰਘ, ਬਲਾਕ ਪ੍ਰਧਾਨ ਬਸੀ ਪਠਾਣਾਂ ਕੁਲਵੰਤ ਸਿੰਘ, ਬਲਾਕ ਪ੍ਰਧਾਨ ਅਮਲੋਹ ਰਣਜੀਤ ਸਿੰਘ ਬਲਾਕ ਅਤੇ ਸਰਕਲ ਪੱਧਰ ਦੇ ਅਹੁਦੇਦਾਰਾਂ, ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਹਾਜ਼ਰੀ ਲਗਵਾਈ।