ਫ਼ਤਹਿਗੜ੍ਹ ਸਾਹਿਬ, 30 ਜੁਲਾਈ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਸ਼ੁੱਕਰਵਾਰ ਦੀ ਸਰਕਾਰੀ ਛੁੱਟੀ ਹੋਣ ਕਾਰਨ ਵਿਭਾਗ ਵਲੋਂ ਵੀਰਵਾਰ ਨੂੰ ਨਿਰਮਾਣ ਅਧੀਨ ਇਮਾਰਤਾਂ ਅਤੇ ਨਰਸਰੀਆਂ ਵਿਚ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਸਿਵਲ ਸਰਜਨ ਵਲੋਂ ਟੀਮਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦਾ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਇਹ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ, ਇਸ ਲਈ ਗਮਲਿਆਂ, ਕੂਲਰਾਂ, ਫ਼ਰਿਜ ਦੀ ਟਰੇ ਵਿਚ ਜਾਂ ਕਿਤੇ ਹੋਰ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰੀਆਂ ਬਾਂਹਾਂ ਦੇ ਕੱਪੜੇ ਪਾਉਣੇ ਚਾਹੀਦੇ ਹਨ, ਮੱਛਰਦਾਨੀ, ਮੱਛਰ ਭਜਾਊ ਕਰੀਮਾਂ, ਜਾਲੀਦਾਰ ਦਰਵਾਜ਼ੇ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੁਖ਼ਾਰ ਹੋਣ ਦੀ ਸੂਰਤ ਵਿਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਮੁਹਿੰਮ ਦੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵਲੋਂ ਜੀ ਟੀ ਰੋਡ ਸਰਕਾਰੀ ਨਰਸਰੀ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸ਼ੁਭਮ ਸੂਰੀ ਵਲੋਂ ਚਾਏ ਸੁਟਾ ਬਾਰ ਨੇੜੇ ਨਰਸਰੀ, ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸੰਪੰਨ ਅਤਰੀ ਵਲੋ ਸਿਵਲ ਹਸਪਤਾਲ ਅੰਦਰ ਨਿਰਮਾਣ ਅਧੀਨ ਇਮਾਰਤ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵਲੋਂ ਤਲਾਣੀਆਂ ਮੇਨ ਗੇਟ ਨੇੜੇ ਨਰਸਰੀ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵਲੋਂ ਆਪੋ ਆਪਣੇ ਖੇਤਰਾਂ ਵਿਚ ਡੇਂਗੂ ਵਿਰੋਧੀ ਟੀਮਾਂ ਨਾਲ ਮੱਛਰਾਂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਮਿਲੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਗਿਆ ਅਤੇ ਮੱਛਰ ਮਾਰਨ ਵਾਲੀ ਸਪਰੇਅ ਕਰਵਾਈ ਗਈ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਗਰੂਪ ਸਿੰਘ, ਗੱਜਣ ਸਿੰਘ, ਹਰੀ ਸਿੰਘ, ਇੰਸੈਕਟ ਕਲੈਕਟਰ ਮਨਦੀਪ ਕੌਰ, ਐਮ.ਐਲ.ਟੀ. ਹਰਵਿੰਦਰ ਕੌਰ, ਬ੍ਰੀਡ ਚੈਕਰ ਹਰਸ਼ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।