ਮੰਡੀ ਗੋਬਿੰਦਗੜ੍ਹ, 30 ਜੁਲਾਈ (ਇਕਬਾਲਦੀਪ ਸੰਧੂ) ਨਗਰ ਕੌਂਸਲ ਮਜ਼ਦੂਰ ਐਂਡ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ਵਿਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੇ ਚੱਲਦਿਆਂ ਸ਼ਹਿਰ ਦਾ ਮੇਨ ਬਾਜ਼ਾਰ ਅਤੇ ਕਈ ਹੋਰ ਦੁਕਾਨਾਂ ਬੰਦ ਰਹੀਆਂ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ। ਯੂਨੀਅਨ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਅਤੇ ਆਪਣੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਨਗਰ ਕੌਂਸਲਾਂ ਵਿਚ ਕੰਮ ਕਰ ਰਹੇ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾ ਰਿਹਾ। ਸਫ਼ਾਈ ਮਜ਼ਦੂਰ ਐਂਡ ਕਰਮਚਾਰੀ ਯੂਨੀਅਨ, ਪ੍ਰਧਾਨ ਰਾਜਿੰਦਰ ਗਾਗਟ ਨੇ ਬਰਨਾਲਾ ਸ਼ਹਿਰ ਵਿਚ ਮੁਲਾਜ਼ਮਾਂ ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰੀ ਦੀਆਂ ਮਾੜੀਆਂ ਨੀਤੀਆਂ ਕਰਕੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਚੌਂਕ ਵਿਚ ਭਗਵੰਤ ਮਾਨ ਦਾ ਪੁਤਲਾ ਸਾੜਿਆ ਗਿਆ ਹੈ ਤਾਂ ਜੋ ਸਾਡੀ ਆਵਾਜ਼ ਸਰਕਾਰ ਤੱਕ ਪਹੁੰਚ ਸਕੇ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਤਨਖ਼ਾਹਾਂ ਅਤੇ ਸੇਵਾ ਸਬੰਧੀ ਮਸਲਿਆਂ ਦਾ ਹੱਲ ਕੀਤਾ ਜਾਵੇ ਅਤੇ ਕਰਮਚਾਰੀਆਂ ਨਾਲ ਜੁੜੇ ਹੋਰ ਮਾਮਲਿਆਂ ’ਤੇ ਸਰਕਾਰ ਤੁਰੰਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਕੋਈ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਪਵਨ ਕੁਮਾਰ, ਮੀਤ ਪ੍ਰਧਾਨ ਸੰਦੀਪ, ਸੈਕਟਰੀ ਆਕਾਸ਼, ਰਵੀ ਕੁਮਾਰ, ਪਰਬਾਤ, ਸੋਮਨਾਥ, ਸੌਰਵ, ਵਿਨੋਦ, ਕੁਲਦੀਪ ਸਿੰਘ, ਰਾਜ ਸਿੰਘ, ਗੁਰਵਿੰਦਰ ਸਿੰਘ, ਮੰਗਤ ਸਿੰਘ, ਅਸ਼ੋਕ ਪਾਸਵਾਨ, ਕੁਲਬੀਰ ਸਿੰਘ, ਪ੍ਰਿਥਵੀ ਸਿੰਘ ਵੀ ਹਾਜ਼ਰ ਸਨ। ਜਦਕਿ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਨਗਰ ਕੌਂਸਲ ਕਰਮਚਾਰੀ ਅਤੇ ਯੂਨੀਅਨ ਮੈਂਬਰ ਵੀ ਮੌਜੂਦ ਰਹੇ।