ਭਾਰਤ ਚੋਣ ਕਮਿਸ਼ਨ ਵਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਨੂੰ ਪ੍ਰਵਾਨਗੀ, ਕੁਲ ਪੋਲਿੰਗ ਸਟੇਸ਼ਨ ਹੋਏ 573
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਭੇਜੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਫ਼ਤਹਿਗੜ੍ਹ ਸਾਹਿਬ, 2 ਅਗਸਤ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਭੇਜੀ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਪ੍ਰਵਾਨਗੀ ਉਪਰੰਤ ਜ਼ਿਲ੍ਹੇ ਵਿਚ ਪੋਲਿੰਗ ਸਟੇਸ਼ਨਾਂ ਦੀ ਕੁਲ ਗਿਣਤੀ 544 ਤੋਂ ਵੱਧ ਕੇ 573 ਹੋ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰੈਸ਼ਨਲਾਈਜ਼ੇਸ਼ਨ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਤਿਆਰ ਤਜਵੀਜ਼ ’ਤੇ ਵਿਚਾਰ-ਵਟਾਂਦਰੇ ਲਈ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ ਸੀ ਅਤੇ ਪਾਰਟੀਆਂ ਦੀ ਸਹਿਮਤੀ ਪ੍ਰਾਪਤ ਹੋਣ ਉਪਰੰਤ ਇਹ ਤਜਵੀਜ਼ ਮੁੱਖ ਚੋਣ ਅਫ਼ਸਰ, ਪੰਜਾਬ ਰਾਹੀਂ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਨੂੰ ਭੇਜੀ ਗਈ ਸੀ, ਜਿਸ ਨੂੰ ਹੁਣ ਮਨਜ਼ੂਰੀ ਮਿਲ ਗਈ ਹੈ। ਡਾ. ਸੋਨਾ ਥਿੰਦ ਨੇ ਦੱਸਿਆ ਕਿ ਪ੍ਰਵਾਨਗੀ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕੇ ਅਨੁਸਾਰ ਪੋਲਿੰਗ ਸਟੇਸ਼ਨਾਂ ਵਿਚ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 178 ਤੋਂ ਵੱਧ ਕੇ 183 (05 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ 200 ਤੋਂ ਵੱਧ ਕੇ 214 (14 ਨਵੇਂ ਪੋਲਿੰਗ ਸਟੇਸ਼ਨ), ਵਿਧਾਨ ਸਭਾ ਹਲਕਾ ਅਮਲੋਹ 166 ਤੋਂ ਵੱਧ ਕੇ 176 (10 ਨਵੇਂ ਪੋਲਿੰਗ ਸਟੇਸ਼ਨ), ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਪੋਲਿੰਗ ਸਟੇਸ਼ਨਾਂ ਦੀ ਪ੍ਰਵਾਨਿਤ ਰੈਸ਼ਨਲਾਈਜ਼ੇਸ਼ਨ ਬਾਰੇ ਸੂਚਿਤ ਕੀਤਾ ਜਾ ਰਿਹਾ ਹੈ।