ਸਰਕਾਰਾਂ ਦੀਆਂ ਨਸ਼ਾ-ਵਿਰੋਧੀ ਨੀਤੀਆਂ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਵਿਚ ਨਾਕਾਮ ਸਾਬਤ ਹੋਈਆਂ-ਭੱਟੀ
ਪਟਿਆਲਾ, 8 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੀ. ਸੀ.
ਪਟਿਆਲਾ, 8 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਹਰਦਿਆਲ ਸਿੰਘ ਭੱਟੀ ਨੇ ਪੰਜਾਬ ਵਿਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਦੀਆਂ ਹੁਣ ਤੱਕ ਦੀਆਂ ਨਸ਼ਾ-ਵਿਰੋਧੀ ਨੀਤੀਆਂ ਨੌਜਵਾਨਾਂ ਦੀ ਜ਼ਿੰਦਗੀ ਬਚਾਉਣ ਵਿਚ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਬਿਆਨਬਾਜ਼ੀ ਤੇ ਵੱਡੇ-ਵੱਡੇ ਦਾਅਵਿਆਂ ਨਾਲ ਕੰਮ ਨਹੀਂ ਚੱਲੇਗਾ, ਸਗੋਂ ਨਸ਼ਿਆਂ ਦੀ ਸਮੱਸਿਆ ਦਾ ਕੋਈ ਠੋਸ, ਵਿਗਿਆਨਕ ਤੇ ਵਿਹਾਰਕ ਹੱਲ ਲੱਭਣਾ ਪਵੇਗਾ। ਜਥੇਦਾਰ ਭੱਟੀ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਚੋਣਾਂ ਤੋਂ ਪਹਿਲਾਂ ਨਸ਼ਾ ਖ਼ਤਮ ਕਰਨ ਦੇ ਵਾਅਦੇ ਕਰਨ ਵਾਲੀ ਸਰਕਾਰ ਦੱਸੇ ਕਿ ਅੱਜ ਵੀ ਨਸ਼ੇ ਦੀ ਸਪਲਾਈ ਲਾਈਨ ਪੂਰੀ ਤਰ੍ਹਾਂ ਕਿਉਂ ਨਹੀਂ ਟੁੱਟੀ? ਉਨ੍ਹਾਂ ਕਿਹਾ ਕਿ ਨਸ਼ੇ ਦੇ ਵੱਡੇ ਤਸਕਰਾਂ ਤੇ ਉਨ੍ਹਾਂ ਦੇ ਸਰਪ੍ਰਸਤਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਬਜਾਏ ਸਿਰਫ਼ ਛੋਟੇ ਪੱਧਰ ’ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਸਮੱਸਿਆ ਦਾ ਹੱਲ ਨਹੀਂ ਹੈ। ਜਥੇਦਾਰ ਭੱਟੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਹੁਣ ਪ੍ਰਯੋਗਸ਼ਾਲਾ ਵਾਲੀਆਂ ਨੀਤੀਆਂ ਨਹੀਂ, ਸਗੋਂ ਜ਼ਮੀਨੀ ਹਕੀਕਤਾਂ ਦੇ ਆਧਾਰ ’ਤੇ ਠੋਸ ਫੈਸਲੇ ਚਾਹੀਦੇ ਹਨ।