ਮਾਤਾ ਗੁਜਰੀ ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਦਾ ਆਯੋਜਨ
ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਐਨ. ਐਸ.
ਫ਼ਤਹਿਗੜ੍ਹ ਸਾਹਿਬ, 20 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਐਨ. ਐਸ. ਐਸ. ਤੇ ਐੱਨ. ਸੀ. ਸੀ. ਯੂਨਿਟ ਵਲੋਂ ਮਨੋਵਿਗਿਆਨ ਵਿਭਾਗ ਤੇ ਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ। ਕੈਂਪ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ, ਉਨ੍ਹਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕਰਨ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਨਾ ਸੀ। ਕੈਂਪ ਦੀ ਸ਼ੁਰੂਆਤ ‘ਨਸ਼ਾ-ਮੁਕਤੀ’ ਵਿਸ਼ੇ ’ਤੇ ਪੋਸਟਰ ਬਣਾਉਣ ਦੇ ਮੁਕਾਬਲੇ ਨਾਲ ਹੋਈ, ਜਿਸ ’ਚ ਲਗਪਗ 50 ਵਿਦਿਆਰਥੀਆਂ ਨੇ ਭਾਗ ਲੈਂਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ-ਮੁਕਤ ਜੀਵਨ ਸੰਬੰਧੀ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ। ਮੁਕਾਬਲੇ ਵਿਚ ਐਮ. ਏ. ਸਾਈਕਾਲੋਜੀ ਭਾਗ ਦੂਸਰਾ ਦੀ ਵਿਦਿਆਰਥਣ ਹਰਲੀਨ ਕੌਰ ਨੇ ਪਹਿਲਾ, ਮਾਨਸਵੀ ਧਾਮ ਨੇ ਦੂਸਰਾ ਅਤੇ ਕਮਲਪ੍ਰੀਤ ਕੌਰ ਤੇ ਐਨ. ਸੀ. ਸੀ. ਕੈਡਿਟ ਭੂਮਿਕਾ ਸ਼ਰਮਾ ਨੇ ਕ੍ਰਮਵਾਰ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਸਿਹਤਮੰਦ ਤੇ ਅਰਥਪੂਰਨ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੀ ਸਹੁੰ ਚੁੱਕੀ। ਉਪਰੰਤ ਕਾਲਜ ਕੈਂਪਸ ਵਿਚ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਵਿਦਿਆਰਥੀਆਂ ਨੇ ਹੱਥਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਫੜ ਕੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪ ਨੌਜਵਾਨਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਸਕਾਰਾਤਮਿਕ ਸੋਚ ਤੇ ਸਿਹਤਮੰਦ ਜੀਵਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੈਂਪ ਦਾ ਆਯੋਜਨ ਤੇ ਸੰਚਾਲਨ ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਬਰਿੰਦਰ ਸਰਾਓ ਦੀ ਅਗਵਾਈ ਵਿਚ ਕੀਤਾ। ਇਸ ਮੌਕੇ ਡਾ. ਹਰਭਿੰਦਰ ਸਿੰਘ, ਡਾ. ਹਰਦੀਪ ਕੌਰ, ਪ੍ਰੋ. ਹਰਮਨਜੋਤ ਕੌਰ, ਡਾ. ਪੁਸ਼ਪਿੰਦਰ ਸਿੰਘ ਤੇ ਪ੍ਰੋ. ਟਵਿੰਕਲ ਨੇ ਸਮੁੱਚੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।