ਜਗਦੀਸ਼ ਜੱਗਾ ਤੇ ਪ੍ਰਨੀਤ ਕੌਰ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ
ਰਾਜਪੁਰਾ, 16 ਸਤੰਬਰ (ਜੀ. ਪੀ.
ਰਾਜਪੁਰਾ, 16 ਸਤੰਬਰ (ਜੀ. ਪੀ. ਸਿੰਘ)- ਭਾਰਤੀ ਜਨਤਾ ਪਾਰਟੀ ਦੇ ਰਾਜਪੁਰਾ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਸਮੇਤ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਜਪੁਰਾ ਹਲਕੇ ਨਾਲ ਸੰਬੰਧਿਤ ਰੇਲਵੇ ਦੇ ਕਈ ਅਹਿਮ ਮੁੱਦਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੁਲਾਕਾਤ ਦੌਰਾਨ ਰਾਜਪੁਰਾ ਹਲਕੇ ਦੇ ਪਿੰਡ ਤਸੌਲੀ ਦੇ ਵਸਨੀਕਾਂ ਨੂੰ ਪ੍ਰਭਾਵਿਤ ਕਰਨ ਵਾਲੀ ਪ੍ਰਸਤਾਵਿਤ ਰੇਲਵੇ ਲਾਈਨ ਦਾ ਮੁੱਦਾ ਵਿਸ਼ੇਸ਼ ਤੌਰ ’ਤੇ ਕੇਂਦਰੀ ਰੇਲ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਤੇ ਇਸ ਮਾਮਲੇ ਦਾ ਜਲਦ ਤੋਂ ਜਲਦ ਢੁਕਵਾਂ ਹੱਲ ਕਰਨ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਰਾਜਪੁਰਾ ਹਲਕੇ ਦੇ ਲੋਕਾਂ ਲਈ ਬਿਹਤਰ ਰੇਲ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਹਰਿਦੁਆਰ ਜਾਣ ਵਾਲੀਆਂ ਰੇਲ ਗੱਡੀਆਂ ਦਾ ਢੁਕਵਾਂ ਠਹਿਰਾਅ ਰਾਜਪੁਰਾ ਰੇਲਵੇ ਸਟੇਸ਼ਨ ਵਿਖੇ ਯਕੀਨੀ ਬਣਾਉਣ ਦੀ ਮੰਗ ਵੀ ਰੱਖੀ ਗਈ। ਜਗਦੀਸ਼ ਕੁਮਾਰ ਜੱਗਾ ਨੇ ਕਿਹਾ ਕਿ ਰਾਜਪੁਰਾ ਹਲਕੇ ਦੇ ਲੋਕਾਂ ਨਾਲ ਸੰਬੰਧਿਤ ਰੇਲਵੇ ਦੇ ਮੁੱਦਿਆਂ ਨੂੰ ਉਹ ਲਗਾਤਾਰ ਸਰਕਾਰ ਦੇ ਧਿਆਨ ਵਿਚ ਲਿਆਉਂਦੇ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜੱਗਾ ਨੇ ਦੱਸਿਆ ਕਿ ਮੁਲਾਕਾਤ ਬਹੁਤ ਹੀ ਸੁਖਾਵੇਂ ਅਤੇ ਸਾਰਥਿਕ ਮਾਹੌਲ ਵਿਚ ਹੋਈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਮੂਹ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਾਮਲਿਆਂ ’ਤੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਡ. ਪਰਮਵੀਰ ਚੌਧਰੀ ਅਤੇ ਪਿੰਡ ਤਸੌਲੀ ਦੇ ਵਸਨੀਕ ਹਾਜ਼ਰ ਸਨ।