ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਨਿਰਪੱਖ ਜਾਂਚ ਲਈ ਸਾਂਝੀ ਕਮੇਟੀ ਬਣਾਈ ਜਾਵੇ- ਮਾਧੋਪੁਰ
ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐੱਸ. ਸੀ.
ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸਬੰਧਿਤ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਪਹਿਲਾਂ ਸਾਰੀ ਜਾਣਕਾਰੀ ਹੋਣ ਦੇ ਬਾਵਜੂਦ ਚੁੱਪ ਧਾਰੀ ਰੱਖੀ ਗਈ ਅਤੇ ਬਾਅਦ ਵਿਚ ਮਾਮਲੇ ਦੀ ਜਾਂਚ ਲਈ ਬਣਾਈ ਗਈ ਕਮੇਟੀ ਵਿਚ ਕਥਿਤ ਤੌਰ ’ਤੇ ਆਪਣੇ ਚਹੇਤੇ ਮੈਂਬਰਾਂ ਨੂੰ ਹੀ ਸ਼ਾਮਲ ਕੀਤਾ ਗਿਆ ਹੈ। ਮਾਧੋਪੁਰ ਨੇ ਕਿਹਾ ਕਿ ਜਾਂਚ ਕਮੇਟੀ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ ਤਾਂ ਜੋ ਜਾਂਚ ਨਿਰਪੱਖ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਪ੍ਰਕਿਰਿਆ ਵਿਚ ਸਾਰੇ ਪੱਖਾਂ ਦੀ ਸ਼ਮੂਲੀਅਤ ਨਾ ਹੋਵੇ ਤਾਂ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਇਹ ਤਾਂ ਉਹੀ ਗੱਲ ਹੋਈ ਕਿ ਦੋਸ਼ੀ ਵੀ ਆਪ, ਪੜਤਾਲ ਕਰਤਾ ਵੀ ਆਪ ਅਤੇ ਜੱਜ ਵੀ ਆਪ। ਉਨ੍ਹਾਂ ਕਿਹਾ ਕਿ ਪੰਥ ਨੂੰ ਮੌਜੂਦਾ ਕਮੇਟੀ ਤੋਂ ਕੋਈ ਆਸ ਨਹੀਂ ਹੈ। ਮਾਧੋਪੁਰ ਨੇ ਮੰਗ ਕੀਤੀ ਕਿ ਮੌਜੂਦਾ ਕਮੇਟੀ ਨੂੰ ਰੱਦ ਕਰਕੇ ਪੰਥ ਦੀ ਸਹਿਮਤੀ ਨਾਲ ਵਿਦਵਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਆਧਾਰਿਤ ਸਾਂਝੀ ਕਮੇਟੀ ਬਣਾਈ ਜਾਵੇ, ਤਾਂ ਜੋ ਨਿਰਪੱਖ ਜਾਂਚ ਹੋ ਸਕੇ ਅਤੇ ਸਹੀ ਤੱਥ ਪੰਥ ਦੇ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।