ਖਮਾਣੋਂ ਸ਼ਹਿਰ ਤੇ ਇਲਾਕੇ ’ਚ ਚੋਰੀਆਂ ਦਾ ਸਿਲਸਿਲਾ ਜਾਰੀ
ਖਮਾਣੋਂ, 27 ਸਤੰਬਰ (ਜੋਗਿੰਦਰ ਪਾਲ)- ਖਮਾਣੋਂ ਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਣ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਦੱਸੇ ਜਾ ਰਹੇ ਹਨ ਕਿ ਉਹ ਦਿਨ-ਦਿਹਾੜੇ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਗੁਰੇਜ਼ ਨਹੀਂ ਕਰ ਰਹੇ ਤੇ ਇਲਾਕੇ ਵਿਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਲੋਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ ਜਾ ਰਹੇ ਹਨ।
ਖਮਾਣੋਂ, 27 ਸਤੰਬਰ (ਜੋਗਿੰਦਰ ਪਾਲ)- ਖਮਾਣੋਂ ਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਉਣ ਕਾਰਨ ਲੋਕਾਂ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਦੱਸੇ ਜਾ ਰਹੇ ਹਨ ਕਿ ਉਹ ਦਿਨ-ਦਿਹਾੜੇ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਗੁਰੇਜ਼ ਨਹੀਂ ਕਰ ਰਹੇ ਤੇ ਇਲਾਕੇ ਵਿਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਲੋਕਾਂ ਵਲੋਂ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ ਜਾ ਰਹੇ ਹਨ। ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਰਾਣਵਾਂ ਵਿਖੇ ਕੇਵਲ ਸਿੰਘ ਅਤੇ ਨੰਬਰਦਾਰ ਰਜਿੰਦਰ ਸਿੰਘ ਰਾਣਵਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਹੋਣ ਤੋਂ ਇਲਾਵਾ ਸੰਘੋਲ-ਬਾਠਾਂ ਇਲਾਕੇ ਵਿਚ ਵੀ ਕਈ ਮੋਟਰਾਂ ਤੋਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆ ਹਨ। ਇਨ੍ਹਾਂ ਘਟਨਾਵਾਂ ਕਾਰਨ ਕਿਸਾਨਾਂ ਅਤੇ ਹੋਰ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ, ਕਿਉਂਕਿ ਮੋਟਰਾਂ ਅਤੇ ਬਿਜਲੀ ਨਾਲ ਸਬੰਧਿਤ ਸਮਾਨ ਚੋਰੀ ਹੋਣ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਂਦਾ ਹੈ। ਇਸੇ ਦੌਰਾਨ 25 ਸਤੰਬਰ ਨੂੰ ਦੁਪਹਿਰ ਲਗਪਗ ਇਕ ਵਜੇ ਦੋ ਵਿਅਕਤੀਆਂ ਵਲੋਂ ਖਮਾਣੋਂ ਦਾਣਾ ਮੰਡੀ ਦੇ ਗੇਟ ਦੇ ਬਿਲਕੁਲ ਸਾਹਮਣੇ ਸ਼ਰੇਆਮ ਦਿਨ-ਦਿਹਾੜੇ ਇੰਡੇਨ ਗੈੱਸ ਕੰਪਨੀ ਦੀ ਗੱਡੀ ਵਿਚੋਂ ਸਿਲੰਡਰ ਚੋਰੀ ਕਰਕੇ ਲੈ ਜਾਣ ਦੀ ਘਟਨਾ ਵੀ ਸਾਹਮਣੇ ਆਈ ਹੈ ਜੋ ਕਿ ਪੂਰੀ ਤਰਾਂ ਨਾਲ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰ ਬਿਨਾਂ ਕਿਸੇ ਡਰ ਦੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ ਤੇ ਦਿਨ-ਦਿਹਾੜੇ ਹੋਈ ਇਸ ਚੋਰੀ ਦੀ ਘਟਨਾ ਨੇ ਇਲਾਕਾ ਵਾਸੀਆਂ ਅਤੇ ਦੁਕਾਨਦਾਰਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਇਲਾਕਾ ਵਾਸੀਆਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਚੋਰੀ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਲਾਕੇ ਵਿਚ ਗਸ਼ਤ ਵਧਾਈ ਜਾਵੇ ਅਤੇ ਚੋਰੀਆਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਅਜਿਹੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਚੋਰਾਂ ਦੇ ਹੌਸਲੇ ਹੋਰ ਵਧ ਸਕਦੇ ਹਨ।