ਬਿਨਾਂ ਕੋਈ ਕਾਰਨ ਦੱਸੇ ਚੋਣ ਰੱਦ ਕਰਨਾ ਲੋਕਤੰਤਰੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਾ ਹੈ- ਲਾਲੀ
ਸਹਿਕਾਰੀ ਸਭਾ ਰਿਉਣਾ ਉੱਚਾ ਦੀ ਚੋਣ ਰੱਦ ਹੋਣ ’ਤੇ ਗੁਰਲਾਲ ਸਿੰਘ ਲਾਲੀ ਨੇ ਚੁੱਕੇ ਸਵਾਲ
ਜਖਵਾਲੀ, 28 ਸਤੰਬਰ (ਨਿਰਭੈ ਸਿੰਘ)- ਸਹਿਕਾਰੀ ਸਭਾ ਰਿਉਣਾ ਉੱਚਾ ਦੀ ਅੱਜ 28 ਸਤੰਬਰ ਨੂੰ ਹੋਣ ਵਾਲੀ ਚੋਣ ਬਿਨਾਂ ਕੋਈ ਕਾਰਨ ਦੱਸੇ ਰੱਦ ਕਰ ਦਿੱਤੀ ਗਈ। ਇਸ ਸਬੰਧੀ ਸਾਬਕਾ ਪ੍ਰਧਾਨ ਗੁਰਲਾਲ ਸਿੰਘ ਲਾਲੀ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਚੋਣ ਰੱਦ ਕੀਤੇ ਜਾਣ ਦਾ ਉਨ੍ਹਾਂ ਨੂੰ ਹੁਣ ਤੱਕ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਗਿਆ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ।
ਜਖਵਾਲੀ, 28 ਸਤੰਬਰ (ਨਿਰਭੈ ਸਿੰਘ)- ਸਹਿਕਾਰੀ ਸਭਾ ਰਿਉਣਾ ਉੱਚਾ ਦੀ ਅੱਜ 28 ਸਤੰਬਰ ਨੂੰ ਹੋਣ ਵਾਲੀ ਚੋਣ ਬਿਨਾਂ ਕੋਈ ਕਾਰਨ ਦੱਸੇ ਰੱਦ ਕਰ ਦਿੱਤੀ ਗਈ। ਇਸ ਸਬੰਧੀ ਸਾਬਕਾ ਪ੍ਰਧਾਨ ਗੁਰਲਾਲ ਸਿੰਘ ਲਾਲੀ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਚੋਣ ਰੱਦ ਕੀਤੇ ਜਾਣ ਦਾ ਉਨ੍ਹਾਂ ਨੂੰ ਹੁਣ ਤੱਕ ਕੋਈ ਅਧਿਕਾਰਤ ਕਾਰਨ ਨਹੀਂ ਦੱਸਿਆ ਗਿਆ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਕਈ ਤਰ੍ਹਾਂ ਦੇ ਸਵਾਲ ਪੈਦਾ ਹੋ ਰਹੇ ਹਨ। ਗੁਰਲਾਲ ਸਿੰਘ ਲਾਲੀ ਨੇ ਕਿਹਾ ਕਿ ਸਹਿਕਾਰੀ ਸਭਾ ਦੀ ਚੋਣ ਲੋਕਤੰਤਰੀ ਢੰਗ ਨਾਲ ਅਤੇ ਨਿਰਪੱਖ ਮਾਹੌਲ ਵਿਚ ਹੋਣੀ ਚਾਹੀਦੀ ਹੈ। ਚੋਣ ਲਈ ਤਿਆਰੀਆਂ ਕੀਤੀਆਂ ਗਈਆਂ ਸਨ, ਪਰ ਅਚਾਨਕ ਚੋਣ ਰੱਦ ਕਰ ਦਿੱਤੇ ਜਾਣ ਕਾਰਨ ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਤਿੰਨੇ ਪਿੰਡਾਂ ਵਿਚ ਆਮ ਆਦਮੀ ਪਾਰਟੀ ਦਾ ਧੜਾ ਕਮਜ਼ੋਰ ਹੈ, ਜਦਕਿ ਕਾਂਗਰਸ ਪਾਰਟੀ ਦਾ ਧੜਾ ਮਜ਼ਬੂਤ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸੇ ਸਿਆਸੀ ਸਮੀਕਰਨ ਦੇ ਚੱਲਦਿਆਂ ਚੋਣ ਨੂੰ ਸਿਆਸੀ ਦਬਾਅ ਹੇਠ ਰੱਦ ਕੀਤਾ ਗਿਆ ਹੈ। ਸਾਬਕਾ ਪ੍ਰਧਾਨ ਨੇ ਕਿਹਾ ਕਿ ਚੋਣ ਰੱਦ ਕਰਨ ਦਾ ਅਸਲ ਕਾਰਨ ਲੋਕਾਂ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਸ ਮਾਮਲੇ ਵਿਚ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਹਿਕਾਰੀ ਸਭਾ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ, ਤਾਂ ਜੋ ਮੈਂਬਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਪਿੰਡਾਂ ਦੀ ਆਰਥਿਕਤਾ ਅਤੇ ਕਿਸਾਨਾਂ ਦੇ ਹਿਤਾਂ ਨਾਲ ਜੁੜੀਆਂ ਹੋਈਆਂ ਹਨ, ਇਸ ਲਈ ਇਨ੍ਹਾਂ ਦੀਆਂ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਦਖ਼ਲ ਨਹੀਂ ਹੋਣਾ ਚਾਹੀਦਾ। ਇਸ ਸਬੰਧੀ ਸਭਾ ਦੇ ਏ.ਆਰ. ਪ੍ਰਭਪ੍ਰੀਤ ਕੌਰ ਢਿੱਲੋਂ ਨੂੰ ਉਨ੍ਹਾਂ ਦਾ ਪੱਖ ਜਾਣਨ ਲਈ ਵਾਰ-ਵਾਰ ਫ਼ੋਨ ਕੀਤਾ ਗਿਆ, ਉਨ੍ਹਾਂ ਫ਼ੋਨ ਨਹੀਂ ਚੁੱਕਿਆ। ਇਸ ਮੌਕੇ ਜਸਵਿੰਦਰ ਸਿੰਘ, ਫੁਮਣ ਸਿੰਘ, ਰਣਧੀਰ ਸਿੰਘ, ਜਗਤਾਰ ਸਿੰਘ, ਜਗਜੀਤ ਸਿੰਘ, ਹਰਿੰਦਰ ਸਿੰਘ, ਜੋਗਾ ਸਿੰਘ, ਬੂਟਾ ਸਿੰਘ, ਤਰਨਪ੍ਰੀਤ ਸਿੰਘ, ਦੀਪਕ ਕੁਮਾਰ, ਅਵਤਾਰ ਸਿੰਘ, ਦਮਨਪ੍ਰੀਤ ਸਿੰਘ, ਰਘਵੀਰ ਸਿੰਘ, ਕੁਲਜਿੰਦਰ ਸਿੰਘ, ਤਰਨਦੀਪ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।