ਸਕੱਤਰੇਤ ’ਚ ਆਮ ਲੋਕਾਂ ਦੀ ਪਹੁੰਚ ਆਸਾਨ ਬਣਾਈ ਜਾਵੇ- ਹਰਵੇਲ ਸਿੰਘ
ਖਮਾਣੋਂ, 30 ਸਤੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ. ਸੀ.
ਖਮਾਣੋਂ, 30 ਸਤੰਬਰ (ਜੋਗਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਤੇ ਮੰਤਰੀਆਂ ਨੂੰ ਮਿਲਣ ਵਾਸਤੇ ਸਕੱਤਰੇਤ ਪਹੁੰਚਣ ਵਾਲੇ ਲੋਕਾਂ ਨੂੰ ਹੁਣ ਕਾਫ਼ੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਵੇਲ ਸਿੰਘ ਮਾਧੋਪੁਰ ਨੇ ਦੱਸਿਆ ਕਿ ਸਕੱਤਰੇਤ ਵਿਚ ਕਿਸੇ ਅਧਿਕਾਰੀ ਜਾਂ ਮੰਤਰੀ ਨੂੰ ਮਿਲਣ ਲਈ ਪਹਿਲਾਂ ਉਸ ਦੀ ਸਹਿਮਤੀ ਲੈਣੀ ਪੈਂਦੀ ਹੈ ਤੇ ਸਹਿਮਤੀ ਮਿਲਣ ਤੋਂ ਬਾਅਦ ਹੀ ਸਕੱਤਰੇਤ ਅੰਦਰ ਦਾਖ਼ਲੇ ਲਈ ਪਾਸ ਜਾਰੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਬੰਧਿਤ ਅਧਿਕਾਰੀ ਜਾਂ ਮੰਤਰੀ ਵਲੋਂ ਮਿਲਣ ਦੀ ਸਹਿਮਤੀ ਨਾ ਮਿਲੇ ਤਾਂ ਲੋਕਾਂ ਨੂੰ ਬਿਨਾਂ ਕਿਸੇ ਨੂੰ ਮਿਲੇ ਸਕੱਤਰੇਤ ਦੇ ਬਾਹਰੋਂ ਹੀ ਵਾਪਸ ਮੁੜਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਤੇ ਮੰਤਰੀ ਜਨਤਾ ਦੇ ਸੇਵਕ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਦੇ ਲੋਕ, ਜੋ ਸਰਕਾਰ ਦੇ ਨੁਮਾਇੰਦਿਆਂ ਨੂੰ ਚੁਣਦੇ ਹਨ, ਜੇਕਰ ਆਪਣੀਆਂ ਮੁਸ਼ਕਲਾਂ ਲੈ ਕੇ ਉਨ੍ਹਾਂ ਤੱਕ ਹੀ ਨਾ ਪਹੁੰਚ ਸਕਣ ਤਾਂ ਇਸ ਪ੍ਰਬੰਧ ਨੂੰ ਕਿਸ ਤਰ੍ਹਾਂ ਲੋਕਤੰਤਰੀ ਕਿਹਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੱਤਰੇਤ ਦੇ ਬਾਹਰ ਲੋਕਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੂੰ ਲੈਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਸਲੇ ਦਾ ਜਲਦ ਹੱਲ ਕੀਤਾ ਜਾਵੇ ਅਤੇ ਆਮ ਲੋਕਾਂ ਨੂੰ ਆਪਣੇ ਮਸਲਿਆਂ ਦੇ ਹੱਲ ਲਈ ਸਰਲ ਤਰੀਕੇ ਨਾਲ ਪਾਸ ਜਾਰੀ ਕਰਕੇ ਸਕੱਤਰੇਤ ਵਿਚ ਦਾਖ਼ਲ ਹੋਣ ਦੀ ਆਗਿਆ ਦਿੱਤੀ ਜਾਵੇ।