ਸੜਕਾਂ ਦੇ ਨਿਰਮਾਣ ਤੇ ਮੁਰੰਮਤ ਦਾ ਮੁੱਦਾ ਕੈਬਨਿਟ ਮੰਤਰੀ ਕੋਲ ਉਠਾਇਆ
ਖਮਾਣੋਂ, 12 ਅਕਤੂਬਰ (ਜੋਗਿੰਦਰ ਪਾਲ)- ਆਮ ਆਦਮੀ ਪਾਰਟੀ ਦੇ ਐਸ. ਸੀ.
ਖਮਾਣੋਂ, 12 ਅਕਤੂਬਰ (ਜੋਗਿੰਦਰ ਪਾਲ)- ਆਮ ਆਦਮੀ ਪਾਰਟੀ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ. ਸਾਬਕਾ ਵਿਧਾਇਕ ਵਲੋਂ ਇਲਾਕੇ ਦੀਆਂ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਸਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਉਨ੍ਹਾਂ ਸੰਘੋਲ ਤੋਂ ਬਸੀ ਪਠਾਣਾਂ, ਚੁੰਨੀ ਤੋਂ ਭਗਤਾ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ ਉਠਾਉਂਦਿਆਂ ਇਨ੍ਹਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਮੁਕੰਮਲ ਕਰਵਾਉਣ ਦੀ ਮੰਗ ਕੀਤੀ। ਜੀ. ਪੀ. ਨੇ ਕਿਹਾ ਕਿ ਇਲਾਕੇ ਦੀਆਂ ਕਈ ਸੜਕਾਂ ਦੀ ਹਾਲਤ ਖ਼ਰਾਬ ਹੋਣ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਵੱਖ-ਵੱਖ ਇਲਾਕਿਆਂ ਤੋਂ ਇਨ੍ਹਾਂ ਰਸਤਿਆਂ ਰਾਹੀਂ ਆਉਂਦੀਆਂ ਹਨ, ਜਿਸ ਕਰਕੇ ਸੜਕਾਂ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕੈਬਨਿਟ ਮੰਤਰੀ ਤੋਂ ਮੰਗ ਕੀਤੀ ਕਿ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇ, ਤਾਂ ਜੋ ਸ਼ਹੀਦੀ ਜੋੜ ਮੇਲ ਮੌਕੇ ਸੰਗਤਾਂ, ਰਾਹਗੀਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਬਿਹਤਰੀ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲੇਗੀ, ਉੱਥੇ ਇਲਾਕੇ ਵਿਚ ਆਵਾਜਾਈ ਵੀ ਸੁਚਾਰੂ ਹੋਵੇਗੀ। ਜੀ. ਪੀ. ਨੇ ਦੱਸਿਆ ਕਿ ਈਟੀਓ ਹਰਭਜਨ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਸੰਘੋਲ ਤੋਂ ਬਸੀ ਪਠਾਣਾ ਸੜਕ ਦੀ ਮੁਰੰਮਤ ਦਾ ਕੰਮ 20 ਨਵੰਬਰ ਤੋਂ ਪਹਿਲਾਂ ਪੂਰਾ ਕਰ ਦਿੱਤਾ ਜਾਵੇਗਾ ਅਤੇ ਇਸ ਤੋਂ ਹਲਕੇ ਦੀਆਂ ਰਹਿੰਦੀਆਂ ਹੋਰ ਸੜਕਾਂ ਵੀ ਜਲਦੀ ਨੇਪਰੇ ਚਾੜ੍ਹੀਆਂ ਜਾਣਗੀਆਂ।