ਝੋਨੇ ਦੀ ਖ਼ਰੀਦ ਸੰਬੰਧੀ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ- ਚੇਅਰਮੈਨ ਰਾਏ
ਰਾਤ ਸਮੇਂ ਮੰਡੀਆਂ ’ਚ ਪਹੁੰਚੇ ਚੇਅਰਮੈਨ ਇਕਬਾਲ ਸਿੰਘ ਰਾਏ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅਮਲੋਹ, 19 ਅਕਤੂਬਰ (ਕੇਵਲ ਸਿੰਘ)- ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਅਮਲੋਹ, 19 ਅਕਤੂਬਰ (ਕੇਵਲ ਸਿੰਘ)- ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਵਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀਆਂ ਵਿਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਇਕਬਾਲ ਸਿੰਘ ਰਾਏ ਨੇ ਕਿਹਾ ਕਿ ਉਹ ਰਾਤ ਸਮੇਂ ਮੰਡੀਆਂ ਦਾ ਦੌਰਾ ਕਰਨ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਅਮਲੋਹ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਸਮੇਂ-ਸਮੇਂ ’ਤੇ ਫੌਗਿੰਗ ਵੀ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਭਰੋਸਾ ਦਿੱਤਾ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਰਾਏ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਫ਼ਸਲ ਅਜੇ ਖੇਤਾਂ ਵਿਚ ਖੜ੍ਹੀ ਹੈ, ਉਹ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲਿਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਵੇ, ਜਿਸ ਦਾ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।