ਮਨਰੇਗਾ ਮਜ਼ਦੂਰਾਂ ’ਤੇ ਕਾਰ ਚੜ੍ਹਾਉਣ ਦੀ ਹਰਵੇਲ ਸਿੰਘ ਮਾਧੋਪੁਰ ਵਲੋਂ ਨਿਖੇਧੀ
ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 10 ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦੇਣ ਦੀ ਮੰਗ
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਘੱਟ ਗਿਣਤੀ ਤੇ ਦਲਿਤ ਦਲ ਦੇ ਪੰਜਾਬ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਲਹਿਰਾਗਾਗਾ ਨੇੜੇ ਮਨਰੇਗਾ ਮਜ਼ਦੂਰਾਂ ਉੱਤੇ ਕਾਰ ਚੜ੍ਹਾਏ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਗ਼ਰੀਬ ਲੋਕਾਂ ਨਾਲ ਅਜਿਹੀ ਘਟਨਾ ਵਾਪਰਨਾ ਬੇਹੱਦ ਦੁਖਦਾਈ ਹੈ।
ਖਮਾਣੋਂ, 19 ਅਕਤੂਬਰ (ਜੋਗਿੰਦਰ ਪਾਲ)- ਘੱਟ ਗਿਣਤੀ ਤੇ ਦਲਿਤ ਦਲ ਦੇ ਪੰਜਾਬ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਲਹਿਰਾਗਾਗਾ ਨੇੜੇ ਮਨਰੇਗਾ ਮਜ਼ਦੂਰਾਂ ਉੱਤੇ ਕਾਰ ਚੜ੍ਹਾਏ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨ ਵਾਲੇ ਗ਼ਰੀਬ ਲੋਕਾਂ ਨਾਲ ਅਜਿਹੀ ਘਟਨਾ ਵਾਪਰਨਾ ਬੇਹੱਦ ਦੁਖਦਾਈ ਹੈ। ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਮਨਰੇਗਾ ਮਜ਼ਦੂਰ ਪਹਿਲਾਂ ਹੀ ਆਰਥਿਕ ਤੰਗੀਆਂ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਵਿਚ ਉਨ੍ਹਾਂ ਨਾਲ ਵਾਪਰੀ ਇਸ ਘਟਨਾ ਨੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੀੜਤ ਪਰਿਵਾਰਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਨੂੰ ਬਣਦਾ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਘੱਟੋ-ਘੱਟ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਖ਼ਮੀਆਂ ਦੇ ਇਲਾਜ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ।