ਇੰਜੀਨੀਅਰਿੰਗ ਕਾਲਜ ਵਿਖੇ ਤਕਨੀਕੀ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਕਰਵਾਈ
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਆਈ. ਟੀ.
ਫ਼ਤਹਿਗੜ੍ਹ ਸਾਹਿਬ, 29 ਅਕਤੂਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਆਈ.ਟੀ. ਕੰਪਨੀ ਬੇਬੋ ਟੈਕਨਾਲੋਜੀਜ਼, ਚੰਡੀਗੜ੍ਹ ਵਲੋਂ ਬੀ. ਟੈਕ. ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਅਤੇ ਮਾਸਟਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਡਰਾਈਵ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀ ਤਕਨੀਕੀ ਯੋਗਤਾ ਦਾ ਮੁਲਾਂਕਣ ਕਰਨਾ ਸੀ। ਇਸ ਮੌਕੇ ਕਾਲਜ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਅਵਤਾਰ ਸਿੰਘ ਰਿਆ ਨੇ ਬੇਬੋ ਟੈਕਨਾਲੋਜੀਜ਼ ਦੇ ਉੱਚ ਅਧਿਕਾਰੀ ਦਵਿੰਦਰ ਗੁਲੇਰੀਆ ਅਤੇ ਉਨ੍ਹਾਂ ਦੀ ਤਕਨੀਕੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੇਸ਼ੇਵਰ ਖੇਤਰ ਵਿੱਚ ਅੱਗੇ ਵਧਣ ਲਈ ਅਜਿਹੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ, ਬੇਬੋ ਟੈਕਨਾਲੋਜੀਜ਼ ਵਿਚ ਸਫਲਤਾਪੂਰਵਕ ਸੇਵਾਵਾਂ ਨਿਭਾ ਰਹੇ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਵਿਭਾਗ ਦੇ ਮੁਖੀ ਡਾ. ਜੇ. ਐੱਸ. ਓਬਰਾਏ ਨੇ ਦੱਸਿਆ ਕਿ ਇਸ ਪਲੇਸਮੈਂਟ ਡਰਾਈਵ ਵਿਚ ਕੁੱਲ 60 ਯੋਗ ਵਿਦਿਆਰਥੀਆਂ ਨੇ ਭਾਗ ਲਿਆ। ਚੋਣ ਪ੍ਰਕਿਰਿਆ ਵਿਚ ਐਪਟੀਟਿਊਡ ਟੈੱਸਟ, ਤਕਨੀਕੀ ਇੰਟਰਵਿਊ ਅਤੇ ਐਚ.ਆਰ. ਇੰਟਰਵਿਊ ਸਮੇਤ ਵੱਖ-ਵੱਖ ਪੜਾਅ ਸ਼ਾਮਲ ਸਨ। ਇਨ੍ਹਾਂ ਪੜਾਵਾਂ ਰਾਹੀਂ ਵਿਦਿਆਰਥੀਆਂ ਦੀ ਤਰਕਸ਼ੀਲ ਸੋਚ, ਸਮੱਸਿਆਵਾਂ ਨੂੰ ਹੱਲ ਕਰਨ ਦੀ ਯੋਗਤਾ, ਤਕਨੀਕੀ ਗਿਆਨ ਅਤੇ ਸੰਚਾਰ ਹੁਨਰਾਂ ਦਾ ਮੁਲਾਂਕਣ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਕਿਹਾ ਕਿ ਸੰਸਥਾ ਦਾ ਉੱਤਮ ਬੁਨਿਆਦੀ ਢਾਂਚਾ, ਤਜਰਬੇਕਾਰ ਫੈਕਲਟੀ ਅਤੇ ਆਊਟਕਮ-ਬੇਸਡ ਐਜੂਕੇਸ਼ਨ ਪ੍ਰਣਾਲੀ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਬਦਲਦੀਆਂ ਤਕਨੀਕੀ ਲੋੜਾਂ ਅਨੁਸਾਰ ਤਿਆਰ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ, ਤਕਨੀਕੀ ਹੁਨਰ ਅਤੇ ਪੇਸ਼ੇਵਰ ਯੋਗਤਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਉਹ ਮੁਕਾਬਲੇਬਾਜ਼ੀ ਵਾਲੇ ਰੁਜ਼ਗਾਰ ਬਾਜ਼ਾਰ ਵਿਚ ਸਫਲਤਾ ਹਾਸਲ ਕਰ ਸਕਣ। ਬੇਬੋ ਟੈਕਨਾਲੋਜੀਜ਼ ਦੀ ਟੀਮ ਨੇ ਵਿਦਿਆਰਥੀਆਂ ਦੇ ਤਕਨੀਕੀ ਗਿਆਨ, ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਅਤੇ ਸਿੱਖਣ ਪ੍ਰਤੀ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਵੀ ਹਾਜ਼ਰ ਸਨ।