ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਫ਼ੀਲਡ ’ਚ ਤਾਇਨਾਤ ਟੀਮਾਂ ਪੂਰੀ ਚੌਕਸੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਕਰਨ-ਡੀ. ਸੀ.
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਖੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ।
ਫ਼ਤਹਿਗੜ੍ਹ ਸਾਹਿਬ, 30 ਅਕਤੂਬਰ (ਮਨਪ੍ਰੀਤ ਸਿੰਘ)- ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਖੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਡਾ. ਸੋਨਾ ਥਿੰਦ ਨੇ ਸਮੂਹ ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨਾਲ ਮਿਲਕੇ ਜ਼ਮੀਨੀ ਪੱਧਰ ਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਫ਼ੀਲਡ ਅਫ਼ਸਰ ਪਰਾਲੀ ਪ੍ਰਬੰਧਨ ਦੀ ਡਿਊਟੀ ਨੂੰ ਜ਼ਿੰਮੇਵਾਰੀ ਨਾਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਸਮੂਹ ਐਸ. ਡੀ. ਐਮਜ਼, ਖੇਤੀਬਾੜੀ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਫ਼ੀਲਡ ਵਿਚ ਤਾਇਨਾਤ ਟੀਮਾਂ ਨੂੰ ਪਰਾਲੀ ਦੇ ਯੋਗ ਨਿਪਟਾਰੇ ਲਈ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਸਿੱਧੇ ਤੌਰ ਤੇ ਰਾਬਤਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕਿਸਾਨਾਂ ਨੂੰ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਤੇ ਹੋਰ ਖੇਤੀ ਮਸ਼ੀਨਰੀ ਦੀ ਮਦਦ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਰਪੰਚਾਂ ਨਾਲ ਰਾਬਤਾ ਕਰਕੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਵਾਹੁਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪ੍ਰਸ਼ਾਸਨ ਨੂੰ ਕਿਸੇ ਕਿਸਮ ਦੀ ਸਖ਼ਤੀ ਨਾ ਵਰਤਣੀ ਪਵੇ। ਡੀ.ਸੀ ਨੇ ਕਿਸਾਨਾਂ ਤੇ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵਿੱਢੀ ਜਾਗਰੂਕਤਾ ਮੁਹਿੰਮ ਵਿਚ ਵੱਧ ਚੜ੍ਹ ਕੇ ਸਹਿਯੋਗ ਕੀਤਾ ਜਾਵੇ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰਦੂਸ਼ਣ ਰਹਿਤ ਮਾਹੌਲ ਮਿਲ ਸਕੇ, ਜੋ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਵੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਪੀ ਹਰਵੰਤ ਕੌਰ, ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ. ਡੀ. ਐਮ. ਬਸੀ ਪਠਾਣਾਂ ਦੀਪਜੋਤ ਕੌਰ, ਐਸ. ਡੀ. ਐਮ. ਖਮਾਣੋਂ ਅਰਵਿੰਦ ਗੁਪਤਾ, ਐਸ.ਡੀ.ਐਮ ਅਮਲੋਹ ਹਰਵੀਰ ਕੌਰ, ਸਹਾਇਕ ਕਮਿਸ਼ਨਰ (ਜ) ਸੂਬਾ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।