ਡਾ. ਰਣਜੀਤ ਕੌਰ ਗੁਰੂ ਨੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਨਾਲ ਕੀਤੀ ਮੁਲਾਕਾਤ
ਬਸੀ ਪਠਾਣਾਂ, 5 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਪਾਰਟੀ ਦੀਆਂ ਮਹਿਲਾ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸਤਰੀ ਵਿੰਗ ਦੀ ਆਗੂ ਡਾ.
ਬਸੀ ਪਠਾਣਾਂ, 5 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਪਾਰਟੀ ਦੀਆਂ ਮਹਿਲਾ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸਤਰੀ ਵਿੰਗ ਦੀ ਆਗੂ ਡਾ. ਰਣਜੀਤ ਕੌਰ ਗੁਰੂ ਨੇ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਦੇ ਗ੍ਰਹਿ ਪਿੰਡ ਫ਼ਤਿਹਪੁਰ ਅਰਾਈਆਂ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦਕ ਮਜ਼ਬੂਤੀ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਦੋਵੇਂ ਆਗੂਆਂ ਵਲੋਂ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਅਤੇ ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ 17 ਨਵੰਬਰ ਨੂੰ ਬਸੀ ਪਠਾਣਾਂ ਹਲਕੇ ਵਿਚ ਕੀਤੀ ਜਾਣ ਵਾਲੀ ਇਸਤਰੀ ਵਿੰਗ ਦੀ ਅਹਿਮ ਮੀਟਿੰਗ ਦੀਆਂ ਤਿਆਰੀਆਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਨੂੰ ਸਫਲ ਬਣਾਉਣ ਲਈ ਇਸਤਰੀ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਦੀ ਵੱਡੀ ਸ਼ਮੂਲੀਅਤ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਹਲਕੇ ਦੀਆਂ ਇਸਤਰੀ ਵਿੰਗ ਦੀਆਂ ਸਮੂਹ ਆਗੂਆਂ, ਅਹੁਦੇਦਾਰਾਂ, ਸਰਕਲ ਪ੍ਰਧਾਨਾਂ, ਬੂਥ ਪ੍ਰਧਾਨਾਂ, ਬੂਥ ਕਮੇਟੀਆਂ ਦੇ ਮੈਂਬਰਾਂ ਅਤੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 17 ਨਵੰਬਰ ਦੀ ਮੀਟਿੰਗ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਭੁਪਿੰਦਰ ਕੌਰ ਗੁਰੂ ਅਤੇ ਯੂਥ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।