ਡੀ.ਏ.ਪੀ. ਤੇ ਯੂਰੀਆ ਖਾਦ ਦੀ ਘਾਟ ਅਤੇ ਕਾਲਾਬਾਜ਼ਾਰੀ ਕਾਰਨ ਕਿਸਾਨ ਪ੍ਰੇਸ਼ਾਨ-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ
ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)- ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਇਕ ਅਹਿਮ ਮੀਟਿੰਗ ਪਿੰਡ ਸੰਧਾਰੀ ਮਾਜਰਾ ਵਿਖੇ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਪ੍ਰਧਾਨ ਜਗਦੀਪ ਸਿੰਘ ਚੂਹੜ੍ਹਮਾਜਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)- ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਇਕ ਅਹਿਮ ਮੀਟਿੰਗ ਪਿੰਡ ਸੰਧਾਰੀ ਮਾਜਰਾ ਵਿਖੇ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਪ੍ਰਧਾਨ ਜਗਦੀਪ ਸਿੰਘ ਚੂਹੜ੍ਹਮਾਜਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਜਦੋਂ ਕਿਸਾਨਾਂ ਨੂੰ ਡੀਏਪੀ ਖਾਦ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਸਰਕਾਰਾਂ ਵਲੋਂ ਇਸ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਾਂਦੇ। ਇਸ ਤੋਂ ਇਲਾਵਾ ਯੂਰੀਆ ਖਾਦ ਦੀ ਘਾਟ ਅਤੇ ਖਾਦਾਂ ਦੀ ਕਾਲਾਬਾਜ਼ਾਰੀ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਰਕਾਰਾਂ ਦੇ ਧਿਆਨ ਵਿਚ ਹੋਣ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਇਸ ਮੌਕੇ ਖਮਾਣੋਂ ਬਲਾਕ ਪ੍ਰਧਾਨ ਜਗਦੀਪ ਸਿੰਘ ਸੋਹੀ ਨਾਨੋਵਾਲ ਨੇ ਕਿਹਾ ਕਿ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਜਿੱਥੇ ਕਿਸਾਨੀ ਹੱਕਾਂ ਦੀ ਲੜਾਈ ਲੜਦੀ ਹੈ, ਉੱਥੇ ਹੀ ਹੱਕ ਤੇ ਸੱਚ ਦੀ ਆਵਾਜ਼ ਬੁਲੰਦ ਕਰਨ ਤੋਂ ਵੀ ਕਦੇ ਪਿੱਛੇ ਨਹੀਂ ਹਟਦੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਾਲੀ-ਚੰਡੀਗੜ੍ਹ ਦੀਆਂ ਬਰੂਹਾਂ ’ਤੇ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਲੋਂ ਜਦੋਂ ਵੀ ਕੋਈ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਯੂਨੀਅਨ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਵੀਆਂ ਨੀਤੀਆਂ ਲਿਆ ਕੇ ਕਿਸਾਨਾਂ ਦੇ ਅਹਿਮ ਅਦਾਰੇ ਸਹਿਕਾਰੀ ਸਭਾਵਾਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਦੇ ਵਿਰੋਧ ਵਿਚ ਜਥੇਬੰਦੀ ਪਹਿਲਾਂ ਹੀ ਸੰਘਰਸ਼ ਕਰ ਰਹੀ ਹੈ। ਮੀਟਿੰਗ ਦੌਰਾਨ ਪਿੰਡ ਸੰਧਾਰੀ ਮਾਜਰਾ ਦੀ ਇਕਾਈ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ, ਜਿਸ ਵਿਚ ਸੁਖਵਿੰਦਰ ਸਿੰਘ ਨੂੰ ਪ੍ਰਧਾਨ, ਪਲਵਿੰਦਰ ਸਿੰਘ ਨੂੰ ਜਨਰਲ ਸਕੱਤਰ, ਭੁਪਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਜਸਕਰਨ ਸਿੰਘ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਸੁਖਦੇਵ ਸਿੰਘ, ਦਵਿੰਦਰ ਸਿੰਘ, ਦਲਵੀਰ ਸਿੰਘ, ਲਖਵੀਰ ਸਿੰਘ, ਪ੍ਰਗਟ ਸਿੰਘ, ਨਾਹਰ ਸਿੰਘ, ਜਤਿੰਦਰ ਸਿੰਘ ਅਤੇ ਸੰਤੋਖ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਭੰਗੂ, ਤਰਲੋਚਨ ਸਿੰਘ ਚੂਹੜਮਾਜਰਾ ਸਮੇਤ ਹੋਰ ਕਿਸਾਨ ਹਾਜ਼ਰ ਸਨ।