ਗੁਰਜੀਤ ਸਿੰਘ ਕੋਟਲਾ ਯੂਥ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਮੰਡੀ ਗੋਬਿੰਦਗੜ੍ਹ, 6 ਨਵੰਬਰ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੇ ਟਕਸਾਲੀ ਅਕਾਲੀ ਆਗੂ ਜਥੇਦਾਰ ਮਲਕੀਤ ਸਿੰਘ ਦੇ ਪੋਤਰੇ ਗੁਰਜੀਤ ਸਿੰਘ ਕੋਟਲਾ ਨੂੰ ਪਾਰਟੀ ਪ੍ਰਤੀ ਲਗਾਤਾਰ ਮਿਹਨਤ, ਲਗਨ ਅਤੇ ਸਮਰਪਣ ਨੂੰ ਦੇਖਦਿਆਂ ਯੂਥ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਨੌਜਵਾਨ ਵਰਗ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਮੰਡੀ ਗੋਬਿੰਦਗੜ੍ਹ, 6 ਨਵੰਬਰ (ਰਾਜੇਸ਼ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਵਿਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਉਣ ਵਾਲੇ ਟਕਸਾਲੀ ਅਕਾਲੀ ਆਗੂ ਜਥੇਦਾਰ ਮਲਕੀਤ ਸਿੰਘ ਦੇ ਪੋਤਰੇ ਗੁਰਜੀਤ ਸਿੰਘ ਕੋਟਲਾ ਨੂੰ ਪਾਰਟੀ ਪ੍ਰਤੀ ਲਗਾਤਾਰ ਮਿਹਨਤ, ਲਗਨ ਅਤੇ ਸਮਰਪਣ ਨੂੰ ਦੇਖਦਿਆਂ ਯੂਥ ਅਕਾਲੀ ਦਲ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਨੌਜਵਾਨ ਵਰਗ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਗੁਰਜੀਤ ਸਿੰਘ ਕੋਟਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡਾ ਫ਼ਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਨੌਜਵਾਨਾਂ ਤੱਕ ਪਹੁੰਚਾਉਣ, ਯੂਥ ਅਕਾਲੀ ਦਲ ਨੂੰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ’ਤੇ ਉਠਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਨੌਜਵਾਨਾਂ ਦੀ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ ਅਤੇ ਉਹ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਹਰ ਸੰਭਵ ਯਤਨ ਕਰਨਗੇ। ਗੁਰਜੀਤ ਸਿੰਘ ਕੋਟਲਾ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪ ਕੇ ਪਾਰਟੀ ਲੀਡਰਸ਼ਿਪ ਨੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ’ਤੇ ਖਰਾ ਉੱਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਲੰਮਾ ਸਬੰਧ ਰਿਹਾ ਹੈ ਅਤੇ ਟਕਸਾਲੀ ਅਕਾਲੀ ਆਗੂ ਜਥੇਦਾਰ ਮਲਕੀਤ ਸਿੰਘ ਦੇ ਪਰਿਵਾਰਕ ਸੰਸਕਾਰਾਂ ਤੋਂ ਪ੍ਰੇਰਨਾ ਲੈਂਦਿਆਂ ਉਹ ਲੋਕ ਸੇਵਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਨਿਰੰਤਰ ਯਤਨਸ਼ੀਲ ਰਹਿਣਗੇ।