ਦਵਾਈਆਂ ਦੀ ਖ਼ਰੀਦ ਸੰਬੰਧੀ ਆਮ ਲੋਕਾਂ ਨੂੰ ਕੋਈ ਬੇਲੋੜੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ-ਸਿਹਤ ਮੰਤਰੀ
ਖਮਾਣੋਂ, 10 ਨਵੰਬਰ (ਜੋਗਿੰਦਰ ਪਾਲ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ ਅਤੇ ਇਸ ਮੌਕੇ ਐਸੋਸੀਏਸ਼ਨ ਦੇ ਆਗੂ ਰਾਕੇਸ਼ ਕੁਮਾਰ ਭੀਖੀ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਵਫ਼ਦ ਨੇ ਸਿਹਤ ਮੰਤਰੀ ਵਲੋਂ ਕੈਮਿਸਟ ਭਾਈਚਾਰੇ ਪ੍ਰਤੀ ਦਿਖਾਏ ਗਏ ਹਾਂ-ਪੱਖੀ ਰਵੱਈਏ ਅਤੇ ਸਹਿਯੋਗ ਲਈ ਧੰਨਵਾਦ ਕੀਤਾ।
ਖਮਾਣੋਂ, 10 ਨਵੰਬਰ (ਜੋਗਿੰਦਰ ਪਾਲ)-ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਵਫ਼ਦ ਵਲੋਂ ਸਿਹਤ ਮੰਤਰੀ ਬਲਬੀਰ ਸਿੰਘ ਨਾਲ ਪੰਜਾਬ ਸਕੱਤਰੇਤ, ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ ਅਤੇ ਇਸ ਮੌਕੇ ਐਸੋਸੀਏਸ਼ਨ ਦੇ ਆਗੂ ਰਾਕੇਸ਼ ਕੁਮਾਰ ਭੀਖੀ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਵਫ਼ਦ ਨੇ ਸਿਹਤ ਮੰਤਰੀ ਵਲੋਂ ਕੈਮਿਸਟ ਭਾਈਚਾਰੇ ਪ੍ਰਤੀ ਦਿਖਾਏ ਗਏ ਹਾਂ-ਪੱਖੀ ਰਵੱਈਏ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਮੀਟਿੰਗ ਦੌਰਾਨ ਮਾਨਸਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਮੈਡੀਕਲ ਸਟੋਰਾਂ ਅਤੇ ਕੈਮਿਸਟਾਂ ਸਬੰਧੀ ਆਮ ਲੋਕਾਂ ਵਿਚ ਪੈਦਾ ਹੋਏ ਭੁਲੇਖਿਆਂ ਅਤੇ ਗ਼ਲਤ ਧਾਰਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਆਮ ਲੋਕਾਂ ਨੂੰ ਦਵਾਈਆਂ ਖ਼ਰੀਦਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਦਵਾਈਆਂ ਡਾਕਟਰਾਂ ਵਲੋਂ ਜਾਰੀ ਕੀਤੀ ਪਰਚੀ ਅਨੁਸਾਰ ਹੀ ਦਿੱਤੀਆਂ ਜਾਂਦੀਆਂ ਰਹਿਣਗੀਆਂ। ਵਫ਼ਦ ਵਲੋਂ ਇਹ ਮਾਮਲਾ ਵੀ ਉਠਾਇਆ ਗਿਆ ਕਿ ਕੁਝ ਦਵਾਈਆਂ ਦੀ ਵਿੱਕਰੀ ਸਬੰਧੀ ਲਗਾਈਆਂ ਪਾਬੰਦੀਆਂ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਖ਼ਾਸ ਕਰਕੇ ਜਦੋਂ ਗੁਆਂਢੀ ਸੂਬਿਆਂ ਵਿਚ ਅਜਿਹੀਆਂ ਪਾਬੰਦੀਆਂ ਲਾਗੂ ਨਹੀਂ ਹੁੰਦੀਆਂ। ਇਸ ਕਾਰਨ ਲੋਕ ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਰਗੇ ਸੂਬਿਆਂ ਤੋਂ ਦਵਾਈਆਂ ਲੈਣ ਦੀ ਕੋਸ਼ਿਸ਼ ਕਰਦੇ ਹਨ। ਇਸ ਸਥਿਤੀ ਵੱਲ ਸਰਕਾਰ ਵਲੋਂ ਢੁਕਵਾਂ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਸਿਹਤ ਮੰਤਰੀ ਨੇ ਕੈਮਿਸਟਾਂ ਵਲੋਂ ਲੋਕਾਂ ਨੂੰ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਨੂੰਨ ਅਨੁਸਾਰ ਅਤੇ ਜ਼ਿੰਮੇਵਾਰੀ ਨਾਲ ਕਾਰੋਬਾਰ ਕਰਨ ਵਾਲੇ ਕੈਮਿਸਟ ਸਮਾਜ ਵਿਚ ਸਨਮਾਨ ਦੇ ਹੱਕਦਾਰ ਹਨ। ਉਨ੍ਹਾਂ ਅਜਿਹੇ ਕੈਮਿਸਟਾਂ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਬਦਲੇ ਸਨਮਾਨਿਤ ਕਰਨ ਦੀ ਗੱਲ ਵੀ ਆਖੀ। ਐਸੋਸੀਏਸ਼ਨ ਦੇ ਵਫ਼ਦ ਨੇ ਸਿਹਤ ਮੰਤਰੀ ਵਲੋਂ ਦਿੱਤੇ ਗਏ ਭਰੋਸੇ ਅਤੇ ਸਹਿਯੋਗ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਮਰੀਜ਼ਾਂ ਨੂੰ ਡਾਕਟਰਾਂ ਵਲੋਂ ਲਿਖੀਆਂ ਦਵਾਈਆਂ ਬਿਨਾਂ ਕਿਸੇ ਬੇਲੋੜੀ ਰੁਕਾਵਟ ਦੇ ਮੁਹੱਈਆ ਕਰਵਾਉਣ ਅਤੇ ਜਨਤਕ ਸਿਹਤ ਦੀ ਸੁਰੱਖਿਆ ਲਈ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ। ਮੀਟਿੰਗ ਆਪਸੀ ਸਹਿਮਤੀ ਅਤੇ ਸੁਖਾਵੇਂ ਮਾਹੌਲ ਵਿਚ ਸਮਾਪਤ ਹੋਈ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਜੁਆਇੰਟ ਕਮਿਸ਼ਨਰ ਸੰਜੀਵ ਗਰਗ, ਗੁਰਵਿੰਦਰ ਸਿੰਘ ਤੇ ਅਮਿਤ ਦੁੱਗਲ ਸਹਾਇਕ ਕਮਿਸ਼ਨਰ ਡਰੱਗਜ਼, ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਖ਼ਜ਼ਾਨਚੀ ਮਹੇਸ਼ਇੰਦਰ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਹਰਚੰਦ ਸਿੰਘ ਚੰਨੀ, ਪਟਿਆਲਾ ਦੇ ਪ੍ਰਧਾਨ ਗੁਰਸ਼ਰਨ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਪ੍ਰੇਮ ਚੰਦ ਗਰਗ ਵੀ ਹਾਜ਼ਰ ਸਨ।