ਖੇਤ ਬਚਾਓ ਅਭਿਆਨ ਤਹਿਤ ਪਿੰਡ ਅੱਤੇਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਖੇਤ ਬਚਾਓ ਅਭਿਆਨ ਤਹਿਤ ਪਿੰਡ ਅੱਤੇਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਡਾ.
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਖੇਤ ਬਚਾਓ ਅਭਿਆਨ ਤਹਿਤ ਪਿੰਡ ਅੱਤੇਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਣਕਾਰੀ ਦਿੰਦਿਆਂ ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ) ਨੇ ਦੱਸਿਆ ਕਿ ਕੈਂਪ ਦੌਰਾਨ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਦੀ ਸੰਭਾਲ ਸਬੰਧੀ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡਾ. ਅਜੇ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਪਰਾਲੀ ਪ੍ਰਬੰਧਨ ਵਿਚ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਅਤੇ ਵਿਗਿਆਨਕ ਤਕਨੀਕਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨਾਲ ਜੁੜ ਕੇ ਖੇਤੀਬਾੜੀ ਸਬੰਧੀ ਨਵੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਖੇਤਾਂ ਵਿਚ ਹੀ ਪਰਾਲੀ ਦੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ ਵਾਤਾਵਰਨ ਅਤੇ ਜ਼ਮੀਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਦੇ ਫ਼ਾਇਦਿਆਂ ਬਾਰੇ ਵੀ ਚਾਨਣਾ ਪਾਇਆ। ਡਾ. ਰੀਤ ਵਰਮਾ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਵਾਲੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਣਕ ਦੀ ਫ਼ਸਲ ਵਿਚ ਆਉਣ ਵਾਲੀ ਗੁਲਾਬੀ ਸੁੰਡੀ ਸਬੰਧੀ ਕਿਸਾਨਾਂ ਦੇ ਸ਼ੰਕਿਆਂ ਦਾ ਨਿਵਾਰਨ ਵੀ ਕੀਤਾ। ਇਸੇ ਤਰ੍ਹਾਂ ਡਾ. ਅਰਵਿੰਦ ਪ੍ਰੀਤ ਕੌਰ, ਸਹਾਇਕ ਪ੍ਰੋਫੈਸਰ (ਬਾਗ਼ਬਾਨੀ) ਨੇ ਬਾਗ਼ਾਂ, ਪਨੀਰੀਆਂ, ਸਬਜ਼ੀਆਂ ਅਤੇ ਮਸ਼ਰੂਮ ਦੀ ਕਾਸ਼ਤ ਵਿੱਚ ਝੋਨੇ ਦੀ ਪਰਾਲੀ ਦੀ ਸੁਚੱਜੀ ਵਰਤੋਂ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਜਦਕਿ ਡਾ. ਗੁਰਅੰਸ਼ਪ੍ਰੀਤ ਸਿੰਘ ਸੇਠੀ, ਸਹਾਇਕ ਪ੍ਰੋਫੈਸਰ ਨੇ ਝੋਨੇ ਦੀ ਪਰਾਲੀ ਨੂੰ ਪਸ਼ੂ ਖ਼ੁਰਾਕ ਵਜੋਂ ਵਰਤਣ ਸਬੰਧੀ ਜਾਣਕਾਰੀ ਦਿੱਤੀ। ਕੈਂਪ ਦੇ ਅੰਤ ਵਿਚ ਕਿਸਾਨਾਂ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਪ੍ਰਕਾਸ਼ਿਤ ਖੇਤੀ ਸਾਹਿਤ ਨੂੰ ਅਪਣਾਉਣ ਅਤੇ ਇਸ ਵਿਚ ਦਰਸਾਏ ਵਿਗਿਆਨਕ ਢੰਗਾਂ ਅਨੁਸਾਰ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਜਾ ਸਕੇ।