ਵਿਸ਼ੇਸ਼ ਲੋਕ ਅਦਾਲਤ ਵਿਚ 22 ਚੈੱਕ ਬਾਊਂਸ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ-ਨਿਰਭਓ ਸਿੰਘ ਗਿੱਲ
ਫ਼ਤਹਿਗੜ੍ਹ ਸਾਹਿਬ, ਅਮਲੋਹ ਤੇ ਖਮਾਣੋਂ ਵਿਖੇ ਲਗਾਏ ਗਏ 10 ਬੈਂਚ
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ.
ਫ਼ਤਹਿਗੜ੍ਹ ਸਾਹਿਬ, 21 ਨਵੰਬਰ (ਬਲਜਿੰਦਰ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਸ਼ਨ ਡਵੀਜ਼ਨ, ਫ਼ਤਹਿਗੜ੍ਹ ਸਾਹਿਬ ਵਿਖੇ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ ਦੀ ਧਾਰਾ 138 ਅਧੀਨ ਵਿਸ਼ੇਸ਼ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ ਇਸ ਵਿਸ਼ੇਸ਼ ਲੋਕ ਅਦਾਲਤ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਸੰਚਾਲਨ ਲਈ ਸੈਸ਼ਨ ਡਵੀਜ਼ਨ ਅਧੀਨ ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਖਮਾਣੋਂ ਵਿਖੇ ਕੁੱਲ 10 ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਦੌਰਾਨ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ ਦੀ ਧਾਰਾ 138 ਅਧੀਨ ਚੈੱਕ ਬਾਉਂਸ ਨਾਲ ਸਬੰਧਿਤ ਕੁੱਲ 22 ਕੇਸਾਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਰਾ ਕੀਤਾ ਗਿਆ। ਇਨ੍ਹਾਂ ਕੇਸਾਂ ਵਿਚ ਕੁੱਲ 1,14,21,269/-ਰੁਪਏ ਦੀ ਰਕਮ ਦਾ ਨਿਪਟਾਰਾ ਕੀਤਾ ਗਿਆ। ਨਿਰਭਓ ਸਿੰਘ ਗਿੱਲ ਨੇ ਦੱਸਿਆ ਕਿ ਅਜਿਹੀਆਂ ਵਿਸ਼ੇਸ਼ ਲੋਕ ਅਦਾਲਤਾਂ ਲਗਾਉਣ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਸਤਾ, ਸੁਖਾਲਾ ਅਤੇ ਤੁਰੰਤ ਨਿਆਂ ਪ੍ਰਦਾਨ ਕਰਨਾ ਅਤੇ ਅਦਾਲਤਾਂ ਵਿਚ ਲੰਬਿਤ ਕੇਸਾਂ ਦਾ ਬੋਝ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਝਗੜਿਆਂ ਦੇ ਨਿਪਟਾਰੇ ਲਈ ਇਕ ਪ੍ਰਭਾਵਸ਼ਾਲੀ ਮੰਚ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਝਗੜਿਆਂ ਅਤੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਜਲਦੀ ਅਤੇ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਵਾਉਣ ਲਈ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾ ਦੱਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 12 ਦਸੰਬਰ 2026 ਨੂੰ ਲਗਾਈ ਜਾਵੇਗੀ, ਜਿਸ ਵਿਚ ਹਰ ਤਰ੍ਹਾਂ ਦੇ ਦੀਵਾਨੀ ਕੇਸਾਂ ਤੇ ਕਾਬਲੇ ਰਾਜ਼ੀਨਾਮਾ, ਫ਼ੌਜਦਾਰੀ ਕੇਸਾਂ ਦਾ ਆਪਸੀ ਰਾਜ਼ੀਨਾਮੇ ਰਾਹੀਂ ਨਿਪਟਾਰਾ ਕੀਤਾ ਜਾਵੇਗਾ।