ਤਾਰਾਗੜ੍ਹ, 5 ਜਨਵਰੀ (ਸੋਹਨ ਲਾਲ)-ਸਮਾਜ ਸੇਵੀ ਤੇ ਕਸਬਾ ਤਾਰਾਗੜ੍ਹ ਤੋਂ ਪੰਚਾਇਤ ਮੈਂਬਰ ਬਾਲ ਕਿ੍ਸ਼ਨ ਬੱਬੀ ਤੇ ਸਾਬਕਾ ਫ਼ੌਜੀ ਸਤੀਸ਼ ਕੁਮਾਰ ਬਿੱਟੂ ਨੇ ਕਿਹਾ ਕਿ ਆਉਣ ਵਾਲੇ ਲੋਹੜੀ ਦੇ ਤਿਉਹਾਰ ਤੋਂ ਪਹਿਲਾਂ ਹੀ ਚਾਈਨਾ ਡੋਰ 'ਤੇ ਪਾਬੰਦੀ ਹੋਣੀ ਚਾਹੀਦੀ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਛਾਪੇਮਾਰੀ ਕਰਕੇ ਜੋ ਲੋਕ ਚਾਈਨਾ ਡੋਰ ਵੇਚਦੇ ਹਨ, ਉਨ੍ਹਾਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਗੱਟੂ ਡੋਰ ਨਾ ਕੇਵਲ ਆਮ ਲੋਕਾਂ ਲਈ ਖ਼ਤਰਨਾਕ ਹੈ, ਬਲਕਿ ਇਸ ਨਾਲ ਪੰਛੀ, ਬੱਚੇ, ਬਜ਼ੁਰਗ ਤੇ ਦੋ ਪਹੀਆ ਵਾਹਨ ਚਾਲਕਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਸਥਿਤੀ ਬਣੀ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਹਰ ਸਾਲ ਲੋਹੜੀ 'ਤੇ ਪਤੰਗਬਾਜ਼ੀ ਦੌਰਾਨ ਗੱਟੂ ਡੋਰ ਕਾਰਨ ਕਈ ਹਾਦਸੇ ਸਾਹਮਣੇ ਆਉਂਦੇ ਹਨ, ਇਸ ਲਈ ਪ੍ਰਸ਼ਾਸਨ ਨੂੰ ਜਲਦ ਸਖ਼ਤੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਤੇ ਸੰਬੰਧਿਤ ਦੁਕਾਨਦਾਰਾਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ ਕਿ ਜੇਕਰ ਕੋਈ ਵਿਅਕਤੀ ਗੱਟੂ ਡੋਰ ਵੇਚਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਚਾਈਨਾ ਡੋਰ ਤੋਂ ਹੋਣ ਵਾਲੇ ਖ਼ਤਰਿਆਂ ਬਾਰੇ ਜਾਗਰੂਕ ਕਰਨ ਤੇ ਆਮ ਡੋਰ ਨਾਲ ਹੀ ਪਤੰਗਬਾਜ਼ੀ ਕਰਨ ਲਈ ਪ੍ਰੇਰਿਤ ਕਰਨ | ਉਨ੍ਹਾਂ ਪ੍ਰਸ਼ਾਸਨ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਚਾਈਨਾ ਡੋਰ 'ਤੇ ਪੂਰਨ ਰੋਕ ਲਗਾਈ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ |