ਗੁਰਦਾਸਪੁਰ, 6 ਜਨਵਰੀ (ਅਸ਼ੋਕ ਸ਼ਰਮਾ)-ਨਵੇਂ ਸਾਲ 'ਤੇ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸਾਰਿਆਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਨੂੰ ਪ੍ਰਭਾਵਸ਼ਾਲੀ ਤੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ | ਵਿਜੇ ਦੱਤ ਨੇ ਕਿਹਾ ਕਿ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਸਮਾਜ ਦੇ ਗ਼ਰੀਬਾਂ, ਕਮਜ਼ੋਰ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦਾ ਕਾਨੂੰਨੀ ਅਧਿਕਾਰ ਹੈ ਤੇ ਇਸ ਨੰੂ ਪੂਰੀ ਭਾਵਨਾ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿਚ ਸਾਰੇ ਯੋਗ ਲਾਭਪਾਤਰੀਆਂ ਨੂੰ ਭੋਜਨ ਸੁਰੱਖਿਆ ਲਾਭਾਂ ਦੀ ਸਮੇਂ ਸਿਰ, ਪਾਰਦਰਸ਼ੀ ਤੇ ਸੰਮਲਿਤ ਡਲਿਵਰੀ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਵਿਜੇ ਦੱਤ ਨੇ ਨਿਰਦੇਸ਼ ਜਾਰੀ ਕੀਤੇ ਕਿ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਨੂੰ ਜ਼ਿਲ੍ਹਾ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ ਤੇ ਯੋਗ ਲਾਭਪਾਤਰੀਆਂ ਦੀ ਸਹੀ ਪਹਿਚਾਣ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਜਿਸ ਨਾਲ ਯੋਗ ਪਰਿਵਾਰ ਬਾਹਰ ਨਾ ਰਹੇ |