ਸੁਜਾਨਪੁਰ, 6 ਜਨਵਰੀ (ਜਗਦੀਪ ਸਿੰਘ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਅਟਲ ਬਿਹਾਰੀ ਵਾਜਪਾਈ ਜੀ ਦੇ ਜਨਮ ਦਿਵਸ 'ਤੇ ਇੱਕ ਪ੍ਰੋਗਰਾਮ ਦਾ ਆਯੋਜਨ ਭਾਜਪਾ ਮੰਡਲ ਪ੍ਰਧਾਨ ਰੂਪ ਲਾਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਜਿਸ 'ਚ ਸੂਬਾ ਉਪ ਪ੍ਰਧਾਨ ਜੀਵਨ ਗੁਪਤਾ ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰਿੰਦਰ ਸ਼ਰਮਾ ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਮਾਧੋਪੁਰ ਮੰਡਲ ਪ੍ਰਧਾਨ ਅਵਤਾਰ ਸਿੰਘ ਕੋਹਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਸਮਾਗਮ ਦੌਰਾਨ ਸਵਰਗੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਆਪਣੇ ਸੰਬੋਧਨ 'ਚ ਸੂਬਾ ਉਪ ਪ੍ਰਧਾਨ ਜੀਵਨ ਗੁਪਤਾ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦਾ ਜੀਵਨ ਦੇਸ਼ ਸੇਵਾ ਤੇ ਵਿਚਾਰਧਾਰਾ ਦੇ ਪ੍ਰਤੀ ਅਟੁੱਟ ਸਮਰਪਣ ਦਾ ਪ੍ਰਤੀਕ ਰਿਹਾ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਰਹਿੰਦੇ ਹੋਏ ਅਟਲ ਬਿਹਾਰੀ ਵਾਜਪਾਈ ਨੇ ਦੇਸ਼ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਅਣਥੱਕ ਮਿਹਨਤ ਕੀਤੀ ਅਤੇ ਕਈ ਅਹਿਮ ਫ਼ੈਸਲੇ ਲਏ ਸਨ | ਦਿਨੇਸ਼ ਸਿੰਘ ਬੱਬੂ, ਸੁਰਿੰਦਰ ਸ਼ਰਮਾ ਤੇ ਰੂਪ ਲਾਲ ਨੇ ਬੋਲਦਿਆਂ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਨੂੰ ਭਾਜਪਾ ਦੀ ਰਾਜਨੀਤੀ ਦਾ ਭੀਸ਼ਮ ਪਿਤਾਮਾ ਕਿਹਾ ਜਾਂਦਾ ਹੈ |