ਬਟਾਲਾ, 24 ਜਨਵਰੀ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਬਣਾਏ ਜਾਣ ਵਾਲੇ ਹੈਲਥ ਕਾਰਡ ਦੀ ਸ਼ੁਰੂਆਤ ਗਾਂਧੀ ਕੈਂਪ ਬਟਾਲਾ ਤੋਂ ਕਰਵਾਈ ਗਈ ਹੈ | ਬਟਾਲਾ ਵਿਖੇ ਇਹ ਕਾਰਡ ਬਣਾਉਣ ਦਾ ਕੰਮ ਲਗਾਤਾਰ ਚੱਲੇਗਾ | ਇਹ ਕਾਰਡ ਬਣਾਉਣ ਲਈ ਆਧਾਰ ਕਾਰਡ ਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ | ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਿਹੜੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ੳੇੁਸ ਦਾ ਸਮੁੱਚੇ ਪੰਜਾਬੀਆਂ ਨੂੰ ਵੱਡਾ ਲਾਭ ਹੋਇਆ ਹੈ | ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਚ ਬਹੁਤ ਵੱਡੀ ਗੱਲ ਹੋਈ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਜਿਹੀਆਂ ਸਹੂਲਤਾਂ ਤਾਂ ਵਿਦੇਸ਼ਾਂ ਵਿਚ ਨਹੀਂ ਮਿਲਦੀਆਂ, ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਨੇ ਸਿਹਤ ਸੰਬੰਧੀ ਸ਼ੁਰੂ ਕਰ ਦਿੱਤੀਆਂ ਹਨ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ | ਉਨ੍ਹਾਂ ਦੱਸਿਆ ਕਿ ਇਸ ਕਾਰਡ ਰਾਹੀਂ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਦਾ ਇਲਾਜ ਹੋ ਸਕੇਗਾ ਤੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਕੀਤੇ ਜਾਣ ਵਾਲੇ ਨਿੱਜੀ ਹਸਪਤਾਲਾਂ ਵਿਚ ਵੀ ਬਿਨਾਂ ਨਕਦੀ ਤੋਂ ਇਲਾਜ ਕਰਵਾਇਆ ਜਾ ਸਕਦਾ ਹੈ | ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਸ ਸਕੀਮ ਦਾ ਹਰ ਇਕ ਨੂੰ ਲਾਭ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਕਾਰਡ ਸਰਕਾਰੀ ਮੁਲਾਜ਼ਮ ਵੀ ਬਣਾ ਸਕਦੇ ਹਨ | ਇਸ ਵਿਚ ਕੋਈ ਆਮਦਨ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ | ਇਸ ਕਾਰਡ ਦੇ ਰਾਹੀਂ ਪਹਿਲਾਂ ਤੋਂ ਬਿਮਾਰੀਆਂ ਦੇ ਪੀੜਤ ਲੋਕਾਂ ਦਾ ਇਲਾਜ ਵੀ ਹੋ ਸਕੇਗਾ | ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਮਨਜੀਤ ਸਿੰਘ ਬਮਰਾਹ, ਪ੍ਰਧਾਨ ਵੀਨੂੰ ਕਾਹਲੋਂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਅਮਰੀਕ ਸਿੰਘ ਨੰਬਰਦਾਰ ਮੌਜੂਦ ਸਨ |