ਪਠਾਨਕੋਟ, 30 ਜਨਵਰੀ (ਵਿਨੋਦ/ਆਸ਼ੀਸ਼ ਸ਼ਰਮਾ)-ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ 'ਚ ਅੱਜ ਸਵੇਰੇ 11 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਪੰਜਾਬ ਪੁਲਿਸ ਅਤੇ ਆਮ ਜਨਤਾ ਨੇ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸਭ ਤੋਂ ਪਹਿਲਾਂ ਸਵੇਰੇ ਠੀਕ 10:55 ਵਜੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਇਸ ਦੌਰਾਨ ਪੁਲਿਸ ਜਵਾਨਾਂ ਵਲੋਂ ਬਿਗਲ ਵਜਾਇਆ ਗਿਆ ਅਤੇ ਠੀਕ 11 ਵਜੇ 2 ਮਿੰਟ ਲਈ ਮੋਨ ਧਾਰਿਆ ਗਿਆ | ਇਸ ਮੌਕੇ ਹਾਜ਼ਰ ਸਮੂਹ ਅਧਿਕਾਰੀਆਂ, ਕਰਮਚਾਰੀਆਂ ਤੇ ਦਫ਼ਤਰਾਂ 'ਚ ਕੰਮ ਕਰਵਾਉਣ ਆਏ ਲੋਕਾਂ ਵਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ ਤੇ ਪੂਰੇ ਦੇਸ਼ ਨੂੰ ਆਪਣੇ ਮਹਾਨ ਸ਼ਹੀਦਾਂ ਉੱਪਰ ਮਾਣ ਹੈ | ਵਧੀਕ ਡਿਪਟੀ ਕਮਿਸ਼ਨਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਮੁਲਕ ਸਿਰਜਣ ਵਿਚ ਆਪਣਾ ਯੋਗਦਾਨ ਪਾਉਂਦਿਆਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣੀ ਚਾਹੀਦੀ ਹੈ | ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਵਿਕਰਮਜੀਤ ਸਿੰਘ ਤੇ ਡੀ.ਐਸ.ਪੀ. ਹੈਡਕੁਆਟਰ ਨਛੱਤਰ ਸਿੰਘ ਨੇ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਜੀ ਦੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |