ਪਠਾਨਕੋਟ, 30 ਜਨਵਰੀ (ਸੰਧੂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਆਈ ਸਿੱਖਿਆ ਕ੍ਰਾਂਤੀ ਨੇ ਰਾਜ ਦੇ ਸਰਕਾਰੀ ਸਕੂਲਾਂ ਦਾ ਮੁਹਾਂਦਰਾ ਬਦਲ ਕੇ ਰੱਖ ਦਿੱਤਾ ਹੈ | ਜਿਸ ਕਰਕੇ ਇੱਥੇ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਭਵਿੱਖ ਸੁਨਹਿਰੀ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਸੁਜਾਨਪੁਰ ਅਮਿਤ ਸਿੰਘ ਮੰਟੂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:/ਸੈ:) ਕਮਲਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਅਮਨਦੀਪ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ਸਿੰਘ ਦੀ ਅਗਵਾਈ ਹੇਠ ਚਲਾਈ ਗਈ ਦਾਖਲਾ ਮੁਹਿੰਮ ਜਾਗਰੂਕਤਾ ਵੈਨ ਦੇ ਦੂਜੇ ਦਿਨ ਸਰਕਾਰੀ ਪ੍ਰਾਇਮਰੀ ਸਕੂਲ ਕਾਹਨਪੁਰ ਤੋਂ ਹਰੀ ਝੰਡੀ ਦੇ ਕੇ ਵੈਨ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਲਈ ਰਵਾਨਾ ਕਰਦਿਆਂ ਕੀਤਾ | ਇਸ ਮੌਕੇ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦਾ ਸਨ | ਅਮਿਤ ਸਿੰਘ ਮੰਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕੀਤੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਭਰ ਵਿਚ ਹੋਰ ਸੂਬਿਆਂ ਵਿਚ ਸਿੱਖਿਆ ਦੇ ਖੇਤਰ 'ਚ ਰੋਲ ਮਾਡਲ ਬਣ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕਮਲਦੀਪ ਕੌਰ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਬਾਰੇ ਵੱਧ ਤੋ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਪਠਾਨਕੋਟ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਵਿਚ ਦਾਖਲਾ ਜਾਗਰੂਕਤਾ ਵੈਨ ਰਾਹੀਂ ਪ੍ਰਚਾਰ ਕਰਦਿਆਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਦਾਖ਼ਲਿਆਂ ਸਬੰਧੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਮੌਕੇ ਬੀ.ਐਨ.ਓ. ਧਾਰ-2 ਬਲਵੀਰ ਵਿਰਦੀ, ਬੀ.ਪੀ.ਈ.ਓ. ਧਾਰ-2 ਰਾਕੇਸ਼ ਠਾਕੁਰ, ਡੀ.ਐਸ.ਐਮ. ਬਲਵਿੰਦਰ ਸੈਣੀ, ਪਿ੍ੰਸੀਪਲ ਰਘਬੀਰ ਕੌਰ, ਪਿ੍ੰਸੀਪਲ ਰਾਕੇਸ਼ ਕੁਮਾਰ, ਡੀ.ਆਰ.ਸੀ. ਅਪਰ ਪ੍ਰਾਇਮਰੀ ਸੰਜੀਵ ਸ਼ਰਮਾ ਹਾਜ਼ਰ ਸਨ |