ਗੁਰਦਾਸਪੁਰ, 30 ਜਨਵਰੀ (ਅਸ਼ੋਕ ਸ਼ਰਮਾ)-ਪੈਨਸ਼ਨਰ ਜੁਆਇੰਟ ਫ਼ਰੰਟ ਵਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਗੁਰਦਾਸਪੁਰ ਦੇ ਸਰਕਲ ਸਕੱਤਰ ਤੇ ਟੀ.ਐਸ.ਯੂ. ਦੇ ਸਾਬਕਾ ਵਿੱਤ ਸਕੱਤਰ ਪੰਜਾਬ ਸੁਰਿੰਦਰ ਪੱਪੂ ਨੇ ਦੱਸਿਆ ਕਿ ਪੰਜਾਬ ਸਰਕਾਰ ਤਕਰੀਬਨ 4 ਸਾਲ ਦਾ ਸਮਾਂ ਬਿਤਾ ਚੱਕੀ ਹੈ | ਪਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਪੈਡਿੰਗ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ | ਜਿਸ ਕਰਕੇ ਪੈਨਸ਼ਨਰਾਂ ਤੇ ਮੁਲਾਜ਼ਮਾਂ 'ਚ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ | ਸ੍ਰੀ ਪੱਪੂ ਨੇ ਦੱਸਿਆ ਕਿ ਪੈਨਸ਼ਨਰਾਂ ਤੇ ਮੁਲਾਜ਼ਮਾਂ ਦਾ 16 ਫ਼ੀਸਦੀ ਡੀ.ਏ, ਉਸ ਦਾ ਬਕਾਇਆ ਏਰੀਅਰ, ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ, 2.59 ਫੈਕਟਰ ਨਾਲ ਪੈਨਸ਼ਨ ਸੋਧ ਕੇ ਦੇਣਾ, ਪੰਜਾਬ ਸਰਕਾਰ ਅਧੀਨ ਕੰਮ ਕਰਦੇ ਬੋਰਡਾਂ, ਕਾਰਪੋਰੇਸ਼ਨਾਂ ਦੇ ਪੈਨਸ਼ਨਰਾਂ ਨੂੰ ਬਕਾਏ ਕਿਸ਼ਤਾਂ ਨਾਲ ਦੇਣ ਦੀ ਬਜਾਏ ਬਕਾਏ ਯਕਮੁਸ਼ਤ ਦੇਣਾ, ਮੈਡੀਕਲ ਭੱਤਾ 1000 ਕਰਨਾ ਵਰਗੀਆਂ ਮੰਗਾਂ ਦੀ ਪ੍ਰਾਪਤੀ ਲਈ 13 ਫਰਵਰੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਵਿੱਤ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜੇ ਜਾਣਗੇ | ਮਾਰਚ ਦੇ ਸ਼ੁਰੂ ਵਿਚ ਬਜਟ ਸੈਸ਼ਨ ਤੋਂ ਇਕ ਹਫ਼ਤਾ ਪਹਿਲਾਂ ਸੰਗਰੂਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਰੈਲੀ ਤੇ ਰੋਸ ਮਾਰਚ ਕੀਤਾ ਜਾਵੇਗਾ | ਜਿਸ ਵਿਚ ਪੈਨਸ਼ਨਰ ਸ਼ਾਮਿਲ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣੇ ਗ਼ੁੱਸੇ ਦਾ ਪ੍ਰਗਟਾਵਾ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |