ਵਡਾਲਾ ਗ੍ਰੰਥੀਆਂ, 31 ਜਨਵਰੀ (ਗੁਰਪ੍ਰਤਾਪ ਸਿੰਘ ਕਾਹਲੋਂ)-ਇਲਾਕੇ ਦੀ ਰਾਜਨੀਤੀ ਵਿਚ ਅਹਿਮ ਪਛਾਣ ਬਣਾਉਣ ਵਾਲੇ ਪਿੰਡ ਸ਼ਾਹਬਾਦ ਦੇ ਸਾ. ਸਰਪੰਚ ਅਤੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਕਿਸਾਨ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਉਨ੍ਹਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕ ਅਰਜੁਨ ਖੜਗੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਅਤੇ ਕਿਸਾਨ ਕਾਂਗਰਸ ਪੰਜਾਬ ਦੇ ਸੂਬਾ ਚੇਅਰਮੈਨ ਕਿਰਨਜੀਤ ਸਿੰਘ ਸੰਧੂ (ਮਿੱਠਾ) ਵਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਕਿਹਾ ਕਿ ਹਰਵਿੰਦਰਪਾਲ ਸਿੰਘ ਸ਼ਾਹਬਾਦ ਵਰਗੇ ਮੈਦਾਨੀ ਤਜਰਬੇ ਵਾਲੇ ਜੜ੍ਹਾਂ ਨਾਲ ਜੁੜੇ ਅਤੇ ਕਿਸਾਨੀ ਸੰਘਰਸ਼ਾਂ ਨਾਲ ਜਾਣੂ ਆਗੂ ਦੀ ਨਿਯੁਕਤੀ ਨਾਲ ਕਿਸਾਨ ਕਾਂਗਰਸ ਪੰਜਾਬ ਨੂੰ ਹੋਰ ਮਜ਼ਬੂਤੀ ਮਿਲੇਗੀ | ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਉਕਤ ਆਗੂਆਂ ਵਲੋਂ ਮੈਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸੂਬੇ ਭਰ ਵਿਚ ਕਿਸਾਨਾਂ ਦੇ ਮਸਲਿਆਂ ਨੂੰ ਉਠਾਉਣ, ਕਿਸਾਨ ਕਾਂਗਰਸ ਦੇ ਸੰਗਠਨ ਨੂੰ ਗ੍ਰਾਸਰੂਟ ਪੱਧਰ 'ਤੇ ਮਜ਼ਬੂਤ ਕਰਨ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਜੋ ਉਮੀਦ ਜਿਤਾਈ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਪੂਰਾ ਕਰਨਗੇ | ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਪਾਰਟੀ ਦੀ ਉੱਚ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਉਣਗੇ | ਇਸ ਸਬੰਧੀ ਰਾਜੀਵ ਸ਼ਰਮਾ, ਸਿਮਰਜੀਤ ਸਿੰਘ, ਹਰਜੀਤ ਸਿੰਘ, ਲਵਪ੍ਰੀਤ ਸਿੰਘ, ਸੰਤੋਸ਼ ਕੁਮਾਰ, ਸੁਭਪ੍ਰੀਤ ਸਿੰਘ ਕਾਹਲੋਂ ਨੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਇਸ ਨੂੰ ਕਿਸਾਨ ਹਿੱਤਾਂ ਲਈ ਇਕ ਸਹੀ ਤੇ ਸਮੇਂ ਸਿਰ ਫ਼ੈਸਲਾ ਕਰਾਰ ਦਿੱਤਾ ਗਿਆ |
ਹਰਵਿੰਦਰਪਾਲ ਸਿੰਘ ਸ਼ਾਹਬਾਦ ਕਿਸਾਨ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ
ਅਜੀਤ ਡੈਸਕ
01-02-2026