ਗੁਰਦਾਸਪੁਰ, 31 ਜਨਵਰੀ (ਚੱਕਰਾਜਾ/ਪੰਕਜ ਸ਼ਰਮਾ)-ਗੁਰੂ ਰਵੀਦਾਸ ਜੀ ਦੇ 649ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਸ਼ਹਿਰ ਅੰਦਰ ਵਿਸ਼ਾਲ ਤੇ ਅਲੌਕਿਕ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਬਾਬਾ ਗੁਰਦੀਪ ਗਿਰੀ ਦੀ ਰਹਿਨੁਮਾਈ ਤੇ ਅਗਵਾਈ ਹੇਠ ਸਜਾਈ ਗਈ, ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਗੁਰਦਾਸਪੁਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਰਸਤੇ 'ਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ | ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਹਲਕਾ ਇੰਚਾਰਜ ਰਮਨ ਬਹਿਲ, ਪ੍ਰਧਾਨ ਸੁਲੱਖਣ ਰਾਮ, ਜੇ. ਪੀ. ਖਰਲਾਂਵਾਲਾ, 'ਆਪ' ਆਗੂ ਸ਼ਮਸ਼ੇਰ ਸਿੰਘ, ਰਿਟਾਰਡ ਈ. ਟੀ. ਓ. ਗਿਰਧਾਰੀ ਲਾਲ, ਬਲਦੇਵ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ | ਉਨ੍ਹਾਂ ਨੇ ਬਾਬਾ ਗੁਰਦੀਪ ਗਿਰੀ ਜੀ ਪਾਸੋਂ ਅਸ਼ੀਰਵਾਦ ਲਿਆ ਤੇ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਗੁਰਦੀਪ ਗਿਰੀ ਜੀ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਮਨੁੱਖਤਾ ਨੂੰ ਬਰਾਬਰੀ, ਪ੍ਰੇਮ ਤੇ ਨਿਮਰਤਾ ਦਾ ਮਾਰਗ ਦਿਖਾਉਂਦੀ ਹੈ | ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਅਤੇ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ | ਇਸ ਦੌਰਾਨ ਬੈਂਡ ਪਾਰਟੀਆਂ ਨੇ ਮਾਹੌਲ ਨੂੰ ਹੋਰ ਵੀ ਭਗਤੀਮਈ ਬਣਾ ਦਿੱਤਾ | ਸ਼ਹਿਰ ਵਾਸੀਆਂ ਵਲੋਂ ਸ਼ੋਭਾ ਯਾਤਰਾ ਦਾ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤਾਂ ਲਈ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ |