ਬਟਾਲਾ, 2 ਫਰਵਰੀ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਕਿਹਾ ਕਿ ਜਦੋਂ ਸਰਕਾਰ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰੇ ਤਾਂ ਸਤਿਗੁਰੂ ਕਿਰਪਾ ਕਰਦਾ ਹੈ, ਫਿਰ ਵਿਰੋਧੀਆਂ ਦੇ ਦੰਦ ਖੱਟੇ ਹੋਣੇ ਲਾਜ਼ਮੀ ਹੁੰਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਡਰਾਮਾ ਕੀਤਾ ਤੇ ਬਿਕਰਮ ਸਿੰਘ ਮਜੀਠੀਆ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਪੂਰਾ ਜ਼ੋਰ ਲਗਾਇਆ ਹੈ, ਪਰ ਅੱਜ ਮਾਨਯੋਗ ਅਦਾਲਤ ਨੇ ਮਜੀਠੀਆ ਨੂੰ ਜ਼ਮਾਨਤ ਦੇ ਕੇ ਦੱਸ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਸਾਜਿਸ਼ ਤਹਿਤ ਝੂਠੇ ਕੇਸ ਬਣਾਏ ਗਏ ਸਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਵੱਡਾ ਬਲ ਮਿਲਿਆ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਹੋਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡਾ ਝਟਕਾ ਮਿਲਿਆ ਹੈ ਤੇ ਆਉਣ ਵਾਲੇ ਦਿਨਾਂ 'ਚ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਨੂੰ ਹੋਰ ਉੱਚਾ ਕਰਨ ਲਈ ਪਹਿਲਾਂ ਵਾਂਗ ਆਪਣੀ ਆਵਾਜ਼ ਬੁਲੰਦ ਕਰਨਗੇ | ਹਲਕਾ ਇੰਚਾਰਜ ਨਰੇਸ਼ ਮਹਾਜਨ ਨੇ ਬਿਕਰਮ ਸਿੰਘ ਮਜੀਠੀਏ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਲੱਡੂ ਵੰਡੇ ਤੇ ਇਸ ਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ |