ਸੁਜਾਨਪੁਰ, 3 ਫਰਵਰੀ (ਜਗਦੀਪ ਸਿੰਘ)-ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਵਤੀਰਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ | ਇਸ ਦੇ ਸਿੱਟੇ ਬਹੁਤ ਹੀ ਭਿਆਨਕ ਹੋਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਸੰਧੂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪੰਜਾਬ ਨਾਲ ਹਰ ਥਾਂ 'ਤੇ ਭੇਦਭਾਵ ਕੀਤਾ ਜਾ ਰਿਹਾ ਹੈ | ਕੇਂਦਰ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਿਹਾ ਹੈ | ਪੰਜਾਬ ਨੂੰ ਹਰ ਥਾਂ ਅਣਗੌਲਿਆਂ ਕਰਨ ਨਾਲ ਨੌਜਵਾਨਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਨੌਜਵਾਨ ਭਾਰਤੀ ਫੋਰਸਾਂ ਵਿਚ ਭਰਤੀ ਹੋਣ ਦੀ ਬਜਾਏ ਵਿਦੇਸ਼ਾਂ ਵੱਲ ਜਾਣ ਨੂੰ ਤਰਜ਼ੀਹ ਦੇ ਰਹੇ ਹਨ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ | ਜੇਕਰ ਪੰਜਾਬ ਦੇ ਨੌਜਵਾਨ ਇਸੇ ਤਰ੍ਹਾਂ ਵਿਦੇਸ਼ਾਂ ਵੱਲ ਨੂੰ ਭੱਜਦੇ ਰਹੇ ਤਾਂ ਪੰਜਾਬ ਤਰੱਕੀ ਦੀਆਂ ਲੀਹਾਂ ਤੋਂ ਉਤਰ ਜਾਵੇਗਾ | ਉਨ੍ਹਾਂ ਅਪੀਲ ਕੀਤੀ ਕਿ ਕੇਂਦਰ ਪੰਜਾਬ ਨੂੰ ਅੱਖੋਂ ਪਰੋਖੇ ਕਰਨਾ ਬੰਦ ਕਰੇ ਅਤੇ ਪੰਜਾਬ ਦੀ ਤਰੱਕੀ ਲਈ ਯੋਗ ਉਪਰਾਲੇ ਕਰੇ |