ਦੀਨਾਨਗਰ, 3 ਫਰਵਰੀ (ਸੋਢੀ)-ਜਲੰਧਰ ਵਿਖੇ ਆਪਣੇ ਰਿਸ਼ਤੇਦਾਰਾਂ ਦੇ ਘਰ ਵਿਚ ਵਿਆਹ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਗਏ ਪਰਿਵਾਰ ਦੇ ਘਰ ਨੂੰ ਪਿੱਛੋਂ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦੇ ਹੋਏ ਰਵਿੰਦਰ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਸੁਬੇਗ ਸਿੰਘ ਨਗਰ ਜੇਲ੍ਹ ਰੋਡ ਗੁਰਦਾਸਪੁਰ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੇ ਕਿਸੇ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਲਈ ਜਲੰਧਰ ਗਏ ਸਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹਨ | ਜਿਸ ਤੋਂ ਬਾਅਦ ਜਦੋਂ ਉਹ ਵਾਪਸ ਘਰ ਪਰਤੇ ਤਾਂ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਸਾਰਾ ਸਮਾਨ ਖਿਲਰਿਆ ਹੋਇਆ ਸੀ | ਉਨ੍ਹਾਂ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ਵਿਚੋਂ ਛੇ ਤੋਲੇ ਸੋਨਾ ਤੇ 5000 ਰੁਪਏ ਨਕਦੀ ਲੈ ਕੇ ਫ਼ਰਾਰ ਹੋ ਗਏ | ਜਿਸ ਦੀ ਸੂਚਨਾ ਉਨ੍ਹਾਂ ਵਲੋਂ ਬਰਿਆਰ ਚੌਕੀ ਦੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ |