ਗੁਰਦਾਸਪੁਰ, 4 ਫਰਵਰੀ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ 'ਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ 'ਚ ਲਗਾਏ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਬਣਾਏ ਜਾ ਰਹੇ ਹੈਲਥ ਕਾਰਡਾਂ ਸਬੰਧੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫ਼ਤ ਇਲਾਜ ਮਿਲੇਗਾ | ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ 'ਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗ਼ਰੀਬਾਂ ਲਈ ਖੋਲ੍ਹ ਦਿੱਤੇ ਹਨ, ਜੋ ਲੋਕ ਸੇਵਾ ਵਿਚ ਫੈਸਲਾਕੁੰਨ ਬਦਲਾਅ ਹੈ | ਰਮਨ ਬਹਿਲ ਨੇ ਕਿਹਾ ਕਿ ਵੱਖ ਵੱਖ ਬਿਮਾਰੀਆਂ ਲਈ 10 ਲੱਖ ਤੱਕ ਦੀਆਂ ਸਾਰੀਆਂ ਦਵਾਈਆਂ ਤੇ ਟੈੱਸਟ ਮੁਫ਼ਤ ਹੋਣਗੇ | ਜਿਵੇਂ ਹੀ ਮਰੀਜ਼ ਹਸਪਤਾਲ ਵਿਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ | ਉਨ੍ਹਾਂ ਕਿਹਾ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ |