ਪਠਾਨਕੋਟ, 6 ਫਰਵਰੀ (ਵਿਨੋਦ)-ਪੰਜਾਬ ਰਾਜ ਦੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਸੁਸਾਇਟੀ ਅਧੀਨ ਕੰਟਰੈਕਟ 'ਤੇ ਲੱਗੇ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਵਲੋਂ ਪਿਛਲੇ ਦਿਨੀਂ ਇਕ ਫ਼ਰਮਾਨ ਜਾਰੀ ਹੋਇਆ ਹੈ | ਜਿਸ ਵਿਚ ਪਿਛਲੇ ਸਮੇਂ ਤੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ 2018 ਅਧੀਨ ਆਉਂਦੇ ਕੰਟਰੈਕਟ ਮੁਲਾਜ਼ਮਾਂ ਦਾ 200 ਰੁਪਏ ਪ੍ਰਤੀ ਮਹੀਨਾ ਈ-ਚਲਾਨ ਰਾਹੀ ਖ਼ਜ਼ਾਨੇ 'ਚ ਜਮਾਂ ਕਰਾਉਣ ਦੀ ਹਦਾਇਤ ਸਰਕਾਰ ਵਲੋਂ ਪ੍ਰਾਪਤ ਹੋਈ ਹੈ | ਜਿਸ ਨਾਲ ਕੰਟਰੈਕਟ ਮੁਲਾਜ਼ਮਾਂ 'ਚ ਰੋਸ ਦੀ ਲਹਿਰ ਹੈ | ਇਸ ਸਬੰਧੀ ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਵਲੋਂ ਨਿਖੇਧੀ ਕੀਤੀ ਹੈ ਤੇ ਨਾਲ ਹੀ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਇਸ ਵਿਚ ਮੁਲਾਜ਼ਮਾਂ ਦਾ ਕੋਈ ਦੋਸ਼ ਨਹੀਂ ਹੈ, ਇਹ ਵਿਭਾਗ ਦੀ ਨਾਕਾਮੀ ਹੈ ਕਿ ਉਨ੍ਹਾਂ ਨੇ ਪਹਿਲਾਂ ਇਹ ਟੈਕਸ ਨਹੀਂ ਕੱਟਿਆ, ਯੁੱਧ ਨਸ਼ਿਆਂ ਵਿਰੁੱਧ ਤਹਿਤ ਮੁਲਾਜ਼ਮ ਦਿਨ ਰਾਤ ਪਹਿਲ ਦਰਜੇ ਦੇ ਸਿਪਾਹੀਆਂ ਵਾਂਗ ਨਸ਼ਾ ਛੁਡਾਊ ਕੇਂਦਰ ਤੇ ਓਟ ਕਲੀਨਿਕ ਵਿਚ ਸੇਵਾਵਾਂ ਦੇ ਰਹੇ ਹਨ ਤੇ ਸਰਕਾਰ ਦਾ ਨਸ਼ਾ ਮੁਕਤ ਪੰਜਾਬ ਬਣਾਉਣ ਵਿਚ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਰਹੇ ਹਨ ਤੇ ਸਰਕਾਰ ਨੇ ਉਨ੍ਹਾਂ ਨੂੰ ਇਹ ਇਨਾਮ ਦਿੱਤਾ | ਮੌਜੂਦਾ ਸਮੇਂ ਤੋਂ 200 ਰੁਪਏ ਪ੍ਰਤੀ ਮਹੀਨਾ ਮੁਲਾਜ਼ਮ ਅਦਾਇਗੀ ਕਰਨ ਨੂੰ ਤਿਆਰ ਹਨ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਰੇਟਰੋਸਪੈਕਟਿਵ ਰਿਕਵਰੀ ਨੂੰ ਬੰਦ ਕੀਤਾ ਜਾਵੇ, ਇਸ ਨਾਲ ਮੁਲਾਜ਼ਮ ਨੂੰ 18000 ਤੋਂ 20000 ਰੁਪਏ ਦਾ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜੇਕਰ ਸਰਕਾਰ ਮੁਲਾਜ਼ਮਾਂ ਦੀ ਇਸ ਬੇਨਤੀ ਨੂੰ ਪ੍ਰਵਾਨ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਚੁਣਨਾ ਪਵੇਗਾ, ਜਿਸ ਦੀ ਪੂਰਨ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ |